ਬਰਨਾਲਾ :- ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕਾਹਨੇਕੇ ਵਿੱਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ, ਜਦੋਂ 23 ਸਾਲਾ ਅਗਨੀਵੀਰ ਸਿਪਾਹੀ ਕੁਲਵਿੰਦਰ ਸਿੰਘ ਦੀ ਫਿਰੋਜ਼ਪੁਰ ਵਿਖੇ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕੁਲਵਿੰਦਰ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਫੌਜ ਦੀ 113 ਇੰਜੀਨੀਅਰ ਯੂਨਿਟ ਵਿੱਚ ਭਰਤੀ ਹੋਇਆ ਸੀ। ਉਹ ਦੇਸ਼ ਦੀ ਸੇਵਾ ਦੇ ਨਾਲ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਦਾ ਸੁਪਨਾ ਲੈ ਕੇ ਫੌਜ ਵਿੱਚ ਗਿਆ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਤਿਰੰਗੇ ’ਚ ਲਿਪਟੀ ਦੇਹ ਪਿੰਡ ਪਹੁੰਚੀ
ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਉਸ ਦੇ ਜੱਦੀ ਪਿੰਡ ਕਾਹਨੇਕੇ ਲਿਆਂਦੀ ਗਈ। ਇਸ ਮੌਕੇ ਫੌਜ ਦੇ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਦੀ ਅਗਵਾਈ ਹੇਠ ਫੌਜੀ ਟੁਕੜੀ ਨੇ ਮ੍ਰਿਤਕ ਸਿਪਾਹੀ ਨੂੰ ਪੂਰੇ ਫੌਜੀ ਸਨਮਾਨ ਨਾਲ ਅੰਤਿਮ ਸਲਾਮੀ ਦਿੱਤੀ। ਇਸ ਤੋਂ ਬਾਅਦ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਪਰਿਵਾਰ ਦੀ ਮਾਲੀ ਹਾਲਤ ਬੇਹੱਦ ਮਾੜੀ
ਕੁਲਵਿੰਦਰ ਸਿੰਘ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ। ਉਨ੍ਹਾਂ ਮੁਤਾਬਕ ਕੁਲਵਿੰਦਰ ਪਰਿਵਾਰ ਦੀ ਗਰੀਬੀ ਦੂਰ ਕਰਨ ਅਤੇ ਘਰ ਦਾ ਗੁਜ਼ਾਰਾ ਬਿਹਤਰ ਤਰੀਕੇ ਨਾਲ ਚਲਾਉਣ ਦੀ ਉਮੀਦ ਨਾਲ ਫੌਜ ਵਿੱਚ ਭਰਤੀ ਹੋਇਆ ਸੀ।
ਉਨ੍ਹਾਂ ਭਾਵੁਕ ਹੁੰਦਿਆਂ ਦੱਸਿਆ ਕਿ ਜਦੋਂ ਪੁੱਤਰ ਦੀ ਤਬੀਅਤ ਖ਼ਰਾਬ ਹੋਣ ਦੀ ਜਾਣਕਾਰੀ ਮਿਲੀ ਤਾਂ ਪਰਿਵਾਰ ਕੋਲ ਇੰਨੇ ਪੈਸੇ ਵੀ ਨਹੀਂ ਸਨ ਕਿ ਉਹ ਫਿਰੋਜ਼ਪੁਰ ਜਾ ਕੇ ਉਸ ਨੂੰ ਮਿਲ ਸਕਣ। ਪਰਿਵਾਰ ਰੋਜ਼ਾਨਾ ਦਿਹਾੜੀ-ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਹੈ।
ਪਰਿਵਾਰ ਨੇ ਸਰਕਾਰ ਤੋਂ ਵਿੱਤੀ ਮਦਦ ਤੇ ਨੌਕਰੀ ਮੰਗੀ
ਪਰਿਵਾਰਕ ਮੈਂਬਰਾਂ ਅਨੁਸਾਰ ਕੁਲਵਿੰਦਰ ਸਿੰਘ ਹੀ ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਉਸ ਦੇ ਪਰਿਵਾਰ ਵਿੱਚ ਮਾਤਾ-ਪਿਤਾ ਅਤੇ ਇੱਕ ਛੋਟਾ ਭਰਾ ਹੈ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਅਪੀਲ ਕੀਤੀ ਗਈ ਹੈ।
ਪਿੰਡ ਵਾਸੀਆਂ ਨੇ ਵੀ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ
ਕੁਲਵਿੰਦਰ ਸਿੰਘ ਦੀ ਮੌਤ ’ਤੇ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਮਾੜੀ ਆਰਥਿਕ ਸਥਿਤੀ ਨੂੰ ਦੇਖਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਪਰਿਵਾਰ ਦੀ ਬਾਂਹ ਫੜਨੀ ਚਾਹੀਦੀ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਪਰਿਵਾਰ ਨੂੰ ਢੁਕਵੀਂ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ, ਤਾਂ ਜੋ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਕੁਝ ਸਹਾਰਾ ਮਿਲ ਸਕੇ।

