ਚੰਡੀਗੜ੍ਹ :- ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਸਰਕਾਰ ਵਿਚਾਲੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਹਿਮਤੀ ਪੱਤਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਕਿਸਾਨ ਅੰਦੋਲਨ ਨੂੰ ਸਮਾਪਤ ਕਰਨ ਦਾ ਰਾਹ ਸਾਫ਼ ਹੋ ਗਿਆ ਹੈ।
ਪੰਡਾਲ ’ਚ ਹੋਵੇਗਾ ਸਰਕਾਰ ਦੇ ਫ਼ੈਸਲੇ ਦਾ ਐਲਾਨ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਮੋਰਚੇ ਦੇ ਪੰਡਾਲ ਵਿੱਚ ਪਹੁੰਚ ਕੇ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਬਾਰੇ ਜਾਣਕਾਰੀ ਦੇਣਗੇ। ਮੰਤਰੀ ਵੱਲੋਂ ਕੀਤੇ ਜਾਣ ਵਾਲੇ ਐਲਾਨ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਅਗਲੇ ਕਦਮ ਬਾਰੇ ਸਪੱਸ਼ਟ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਸਮੂਹ ਆਗੂਆਂ ਨੇ ਫੇਜ਼-11 ਸਥਿਤ ਇਕ ਹੋਟਲ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਰਕਾਰ ਵੱਲੋਂ ਭੇਜੇ ਸਹਿਮਤੀ ਪੱਤਰ ’ਤੇ ਵਿਚਾਰ ਕਰਨ ਉਪਰੰਤ ਆਗੂ ਪੰਡਾਲ ਵੱਲ ਰਵਾਨਾ ਹੋ ਗਏ।
ਸੱਤ ਦਿਨਾਂ ਤੋਂ ਚੱਲ ਰਹੇ ਧਰਨੇ ਦੇ ਸਮਾਪਤ ਹੋਣ ਦੀ ਤਿਆਰੀ
ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸੱਤ ਦਿਨਾਂ ਤੋਂ ਚੰਡੀਗੜ੍ਹ ਦੀ ਹੱਦ ’ਤੇ ਧਰਨਾ ਦਿੱਤਾ ਜਾ ਰਿਹਾ ਸੀ। ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਹੁਣ ਇਹ ਧਰਨਾ ਸਮਾਪਤ ਹੋਣ ਜਾ ਰਿਹਾ ਹੈ। ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨ ਵੀ ਆਪਣੇ ਘਰਾਂ ਨੂੰ ਵਾਪਸੀ ਲਈ ਰਵਾਨਾ ਹੋ ਰਹੇ ਹਨ।
ਦਰਿਆਈ ਪਾਣੀਆਂ ਨਾਲ ਸਬੰਧਤ ਮੰਗ ’ਤੇ ਬਣੀ ਸਹਿਮਤੀ
ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਨਾਲ ਐਤਵਾਰ ਦੇਰ ਰਾਤ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਕਈ ਅਹਿਮ ਮੰਗਾਂ ’ਤੇ ਵਿਚਾਰ ਕੀਤਾ ਗਿਆ ਸੀ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਦਰਿਆਈ ਪਾਣੀਆਂ ਨਾਲ ਸਬੰਧਤ ਸਮਝੌਤਿਆਂ ਦੀਆਂ ਕੁਝ ਮੱਦਾਂ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕਰਨ ਦੀ ਮੰਗ ਸ਼ਾਮਿਲ ਸੀ। ਪੰਜਾਬ ਸਰਕਾਰ ਵੱਲੋਂ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਗਿਆ ਹੈ।
ਬਿਜਲੀ ਸੋਧ ਬਿੱਲ, ਬੀਜ ਬਿੱਲ ਤੇ ਕਰਜ਼ੇ ਦਾ ਮਾਮਲਾ ਵੀ ਸ਼ਾਮਿਲ
ਸਹਿਮਤੀ ਬਣੀਆਂ ਮੰਗਾਂ ਵਿੱਚ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨਾਲ ਸਬੰਧਤ ਮਾਮਲੇ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ਿਆਂ ਦੇ ਨਿਪਟਾਰੇ ਲਈ ਇਕਮੁਸ਼ਤ ਸੈਟਲਮੈਂਟ ਦੀ ਮੰਗ ਨੂੰ ਵੀ ਪ੍ਰਵਾਨਗੀ ਮਿਲੀ ਹੈ।
ਕਿਸਾਨਾਂ ਦੀਆਂ ਹੋਰ ਮੰਗਾਂ ਦੇ ਨਾਲ ਗੰਨੇ ਦਾ ਭਾਅ ਵਧਾਉਣ ਦੀ ਮੰਗ ਵੀ ਸਹਿਮਤੀ ਪੱਤਰ ਵਿੱਚ ਸ਼ਾਮਿਲ ਹੈ। ਹੁਣ ਖੇਤੀਬਾੜੀ ਮੰਤਰੀ ਵੱਲੋਂ ਪੰਡਾਲ ਵਿੱਚ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਦਾ ਵਿਸਥਾਰ ਨਾਲ ਐਲਾਨ ਕੀਤਾ ਜਾਵੇਗਾ।

