ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦਿਆਂ ਮੈਨੀਫੈਸਟੋ ਕਮੇਟੀ ਦਾ ਵਿਸਥਾਰ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਪੁਨਰਗਠਨ ਤਹਿਤ ਕਮੇਟੀ ਵਿੱਚ ਹੁਣ 20 ਮੈਂਬਰ ਹੋਣਗੇ, ਜਦਕਿ ਪਹਿਲਾਂ ਇਸ ਵਿੱਚ 9 ਮੈਂਬਰ ਸਨ। ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦੀ ਅਗਵਾਈ ਸੌਂਪਦਿਆਂ ਚੇਅਰਮੈਨ ਬਣਾਇਆ ਗਿਆ ਹੈ।
ਡਾ. ਚੀਮਾ ਸਮੇਤ ਤਜਰਬੇਕਾਰ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ
ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਕਮੇਟੀ ਦਾ ਮੈਂਬਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਦੇ ਤਜਰਬੇਕਾਰ ਆਗੂਆਂ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਅਕਾਲੀ ਦਲ ਵੱਲੋਂ ਜਾਰੀ ਅਧਿਕਾਰਤ ਪੱਤਰ ਮੁਤਾਬਕ ਕਮੇਟੀ ਰਾਹੀਂ ਸੂਬੇ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਮੁੱਦਿਆਂ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਥਾਂ ਦੇਣ ’ਤੇ ਧਿਆਨ ਦਿੱਤਾ ਜਾਵੇਗਾ।
ਨੌਜਵਾਨਾਂ ਤੇ ਮਹਿਲਾਵਾਂ ਦੀ ਭਾਗੀਦਾਰੀ ਵੀ ਵਧਾਈ
ਕਮੇਟੀ ਵਿੱਚ ਸਰਬਜੀਤ ਸਿੰਘ ਝਿੰਝਰ, ਅਰਸ਼ਦੀਪ ਸਿੰਘ ਕਲੇਰ ਅਤੇ ਰਣਬੀਰ ਸਿੰਘ ਢਿੱਲੋਂ ਸਮੇਤ ਨੌਜਵਾਨ ਆਗੂਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹਰਗੋਬਿੰਦ ਕੌਰ, ਜ਼ਾਹਿਦਾ ਸੁਲੇਮਾਨ ਅਤੇ ਕੰਚਨਪ੍ਰੀਤ ਕੌਰ ਦੀ ਸ਼ਮੂਲੀਅਤ ਨਾਲ ਮਹਿਲਾਵਾਂ ਨਾਲ ਸਬੰਧਤ ਮੁੱਦਿਆਂ ਨੂੰ ਵੀ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਦਾ ਰਾਹ ਖੁੱਲ੍ਹੇਗਾ। ਪਾਰਟੀ ਦਾ ਉਦੇਸ਼ ਤਜਰਬੇ ਦੇ ਨਾਲ ਨੌਜਵਾਨ ਸੋਚ ਨੂੰ ਜੋੜ ਕੇ ਆਉਣ ਵਾਲੀਆਂ ਚੋਣਾਂ ਲਈ ਨੀਤੀਆਂ ਤਿਆਰ ਕਰਨਾ ਹੈ।
ਵੱਖ-ਵੱਖ ਵਰਗਾਂ ਤੋਂ ਸੁਝਾਅ ਲੈਣ ਦੀ ਤਿਆਰੀ
ਪਾਰਟੀ ਸੂਤਰਾਂ ਮੁਤਾਬਕ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਵਪਾਰੀਆਂ, ਕਿਸਾਨਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਸਮੇਤ ਵੱਖ-ਵੱਖ ਵਰਗਾਂ ਤੋਂ ਮਿਲਣ ਵਾਲੇ ਸੁਝਾਵਾਂ ਨੂੰ ਇਕੱਠਾ ਕਰਕੇ ਉਨ੍ਹਾਂ ਦਾ ਅਧਿਐਨ ਕੀਤਾ ਜਾਵੇਗਾ। ਇਸ ਤੋਂ ਬਾਅਦ ਮਿਲੇ ਫੀਡਬੈਕ ਦੇ ਆਧਾਰ ’ਤੇ ਅਕਾਲੀ ਦਲ ਆਪਣੇ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦੇਵੇਗਾ।

