ਚੰਡੀਗੜ੍ਹ :- ਪੰਜਾਬ ਵਿੱਚ ਸੂਬਾ ਪੱਧਰੀ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਹੜਤਾਲ ਦੌਰਾਨ ਬਣੇ ਹਾਲਾਤਾਂ ਵਿਚਕਾਰ ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਈ ਮਹੱਤਵਪੂਰਨ ਫ਼ੈਸਲਿਆਂ ਦਾ ਐਲਾਨ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਫ਼ੈਸਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਦੇ ਹੱਲ ਅਤੇ ਸੂਬੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਮੁੜ ਸੁਚਾਰੂ ਬਣਾਉਣ ਲਈ ਲਏ ਗਏ ਹਨ।
ਪੰਜਾਬ ਭਵਨ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀਆਂ ਮੁੱਖ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਠੇਕੇ ਅਤੇ ਇਕਰਾਰਨਾਮੇ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।
1 ਅਗਸਤ ਤੋਂ ਤਨਖ਼ਾਹ ਵਿੱਚ ਵੱਡਾ ਵਾਧਾ
ਸਰਕਾਰ ਦੇ ਐਲਾਨ ਅਨੁਸਾਰ 1 ਅਗਸਤ 2026 ਤੋਂ ਇਕਰਾਰਨਾਮੇ ‘ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਮਹੀਨਾਵਾਰ ਤਨਖ਼ਾਹ ₹10,500 ਤੋਂ ਵਧਾ ਕੇ ₹20,520 ਕਰ ਦਿੱਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਵਾਧੇ ਨਾਲ ਕਰਮਚਾਰੀਆਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਜੀਵਨ-ਸਥਿਤੀ ਵਿੱਚ ਸੁਧਾਰ ਆਵੇਗਾ।
ਪੱਕੀ ਨੌਕਰੀ ਲਈ ਨਵੀਂ ਵਿਵਸਥਾ
ਸਰਕਾਰ ਨੇ ਨੌਕਰੀ ਦੀ ਸੁਰੱਖਿਆ ਨੂੰ ਲੈ ਕੇ ਵੀ ਨਵਾਂ ਫ਼ੈਸਲਾ ਕੀਤਾ ਹੈ। ਐਲਾਨ ਮੁਤਾਬਕ ਜਿਹੜੇ ਠੇਕਾ ਕਰਮਚਾਰੀ ਲਗਾਤਾਰ ਤਿੰਨ ਸਾਲ ਦੀ ਸੇਵਾ ਪੂਰੀ ਕਰ ਲੈਣਗੇ, ਉਨ੍ਹਾਂ ਨੂੰ ਇਕਰਾਰਨਾਮੇ ਅਧੀਨ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ, ਸਾਲ 2021 ਵਿੱਚ ਭਰਤੀ ਹੋਏ ਅਤੇ ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾਵੇਗੀ।
ਯੂਨੀਅਨਾਂ ਨਾਲ ਮੀਟਿੰਗਾਂ ਤੋਂ ਬਾਅਦ ਲਿਆ ਗਿਆ ਫ਼ੈਸਲਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫ਼ੈਸਲੇ ਕਰਮਚਾਰੀ ਯੂਨੀਅਨਾਂ ਨਾਲ ਕਈ ਦੌਰ ਦੀ ਗੱਲਬਾਤ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਲਏ ਗਏ ਹਨ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਰਮਚਾਰੀਆਂ ਦੀਆਂ ਚਿੰਤਾਵਾਂ ਦੂਰ ਹੋਣਗੀਆਂ ਅਤੇ ਉਹ ਹੜਤਾਲ ਖ਼ਤਮ ਕਰਕੇ ਮੁੜ ਆਪਣੀਆਂ ਡਿਊਟੀਆਂ ਸੰਭਾਲਣਗੇ।
ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ
ਮੰਤਰੀ ਨੇ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਹੜਤਾਲ ਖ਼ਤਮ ਕਰਨ ਅਤੇ ਤੁਰੰਤ ਕੰਮ ‘ਤੇ ਵਾਪਸ ਪਰਤਣ। ਉਨ੍ਹਾਂ ਕਿਹਾ ਕਿ ਮਾਨਸੂਨ ਦੇ ਮੌਸਮ ਦੌਰਾਨ ਸਫ਼ਾਈ ਪ੍ਰਬੰਧ ਬਿਹਤਰ ਰਹਿਣਾ ਬਹੁਤ ਜ਼ਰੂਰੀ ਹੈ ਤਾਂ ਜੋ ਗੰਦਗੀ ਕਾਰਨ ਬਿਮਾਰੀਆਂ ਨਾ ਫੈਲਣ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਹੜਤਾਲ ਕਾਰਨ ਕਈ ਸ਼ਹਿਰਾਂ ਵਿੱਚ ਪ੍ਰਭਾਵਿਤ ਹੋਏ ਸਫ਼ਾਈ ਪ੍ਰਬੰਧ
ਸੂਬਾ ਪੱਧਰੀ ਹੜਤਾਲ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੂੜਾ ਚੁੱਕਣ ਦਾ ਕੰਮ ਪ੍ਰਭਾਵਿਤ ਹੋਇਆ ਸੀ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਸਰਕਾਰ ਦੇ ਨਵੇਂ ਐਲਾਨ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਹੜਤਾਲ ਜਲਦ ਖ਼ਤਮ ਹੋਵੇਗੀ ਅਤੇ ਸੂਬੇ ਵਿੱਚ ਸਫ਼ਾਈ ਪ੍ਰਬੰਧ ਮੁੜ ਆਮ ਵਾਂਗ ਚੱਲਣ ਲੱਗਣਗੇ।

