ਅੰਮ੍ਰਿਤਸਰ :- ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਇਸ ਵਾਰ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
4 ਸਤੰਬਰ ਨੂੰ ਹੋਵੇਗਾ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਭਾਈ ਖਾਲੜਾ ਦੀ ਯਾਦ ਵਿੱਚ 4 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। 6 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਰਾਹੀਂ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ।
ਪੰਜਾਬ ਦੇ ਪੀੜਤ ਪਰਿਵਾਰਾਂ ਲਈ ਖਾਲੜਾ ਦਾ ਯੋਗਦਾਨ ਯਾਦ ਕਰਨ ਦੀ ਅਪੀਲ
ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਡਰ ਹੋ ਕੇ ਆਵਾਜ਼ ਉਠਾਈ। ਉਨ੍ਹਾਂ ਪੰਜਾਬ ਵਿੱਚ ਸਰਕਾਰੀ ਜਬਰ ਦੌਰਾਨ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੀ ਕੁਰਬਾਨੀ ਦੇਣ ਵਾਲੇ ਭਾਈ ਖਾਲੜਾ ਨੂੰ ਯਾਦ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ
ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਨ। ਉਨ੍ਹਾਂ ਦੱਸਿਆ ਕਿ ਹੁਣ ਹਰ ਸਾਲ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਖਾਲੜਾ ਦੀ ਯਾਦ ਵਿੱਚ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਹਰੀਕੇ ਵਿਖੇ ‘ਸ਼ਹੀਦੀ ਪੱਤਣ’ ਯਾਦਗਾਰ ਲਈ ਜ਼ਮੀਨ ਦੀ ਭਾਲ ਜਾਰੀ
ਜਥੇਦਾਰ ਗੜਗੱਜ ਨੇ ਇਹ ਵੀ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿੱਚ ਹਰੀਕੇ ਵਿਖੇ ਬਣਾਈ ਜਾਣ ਵਾਲੀ ‘ਸ਼ਹੀਦੀ ਪੱਤਣ’ ਯਾਦਗਾਰ ਲਈ ਜ਼ਮੀਨ ਦੀ ਭਾਲ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਸਬੰਧੀ ਕਾਰਵਾਈ ਪੂਰੀ ਹੋਣ ਉਪਰੰਤ ਯਾਦਗਾਰ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।

