ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਪੰਜਾਬ ਪੁਲਸ ਦੇ ਇੱਕ ਏਐੱਸਆਈ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੇਟ ਹਕੀਮਾਂ ਵਿੱਚ ਤਾਇਨਾਤ ਏਐੱਸਆਈ ਹਰਜੀਤ ਸਿੰਘ ਦੀ ਇਸ ਹਮਲੇ ਵਿੱਚ ਮੌਤ ਹੋ ਗਈ। ਉਹ ਵੀਰਵਾਰ ਦੇਰ ਰਾਤ ਡਿਊਟੀ ਦੌਰਾਨ ਮੋਟਰਸਾਈਕਲ ‘ਤੇ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਵਾਰਦਾਤ ਮਗਰੋਂ ਪੁਲਸ ਵੱਲੋਂ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਦਾਣਾ ਮੰਡੀ ਨੇੜੇ ਵਾਪਰੀ ਵਾਰਦਾਤ
ਜਾਣਕਾਰੀ ਅਨੁਸਾਰ ਏਐੱਸਆਈ ਹਰਜੀਤ ਸਿੰਘ ਰਾਤ ਸਮੇਂ ਨਾਈਟ ਪੈਟਰੋਲਿੰਗ ‘ਤੇ ਸਨ। ਕਰੀਬ 2:30 ਵਜੇ ਜਦੋਂ ਉਹ ਦਾਣਾ ਮੰਡੀ ਦੇ ਨੇੜੇ ਪਹੁੰਚੇ ਤਾਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਏਐੱਸਆਈ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਸੜਕ ‘ਤੇ ਡਿੱਗ ਪਏ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਹਸਪਤਾਲ ‘ਚ ਇਲਾਜ ਦੌਰਾਨ ਹੋਈ ਮੌਤ
ਜ਼ਖ਼ਮੀ ਏਐੱਸਆਈ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਗੰਭੀਰ ਸੱਟਾਂ ਕਾਰਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਖੰਗਾਲ ਰਹੀ ਪੁਲਸ
ਵਾਰਦਾਤ ਤੋਂ ਬਾਅਦ ਪੁਲਸ ਨੇ ਘਟਨਾ ਵਾਲੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ। ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਵੀ ਜਾਂਚੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ
ਪੁਲਸ ਵੱਲੋਂ ਹਮਲਾਵਰਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਬਣਾ ਕੇ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਏਐੱਸਆਈ ਹਰਜੀਤ ਸਿੰਘ ਨੂੰ ਕਿਸ ਕਾਰਨ ਨਿਸ਼ਾਨਾ ਬਣਾਇਆ ਗਿਆ। ਪੁਲਸ ਨੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

