ਅੰਮ੍ਰਿਤਸਰ :- ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਅਤੇ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਲੈ ਕੇ ਸਰਗਰਮ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਹੁਣ ਪੰਜਾਬ ਵਿੱਚ ਵੀ ਆਪਣੀ ਮੌਜੂਦਗੀ ਦਰਜ ਕਰਵਾਉਣ ਜਾ ਰਹੀ ਹੈ। ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਅੰਮ੍ਰਿਤਸਰ ਦਾ ਦੌਰਾ ਕਰਨਗੇ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।
ਸ਼ਾਮ 4 ਵਜੇ ਅੰਮ੍ਰਿਤਸਰ ਗੇਟ ਵਿਖੇ ਇਕੱਠੇ ਹੋਣ ਦੀ ਅਪੀਲ
ਸੋਸ਼ਲ ਮੀਡੀਆ ਰਾਹੀਂ ਲਾਈਵ ਹੋ ਕੇ ਅਭਿਜੀਤ ਦੀਪਕੇ ਨੇ ਕਿਹਾ ਕਿ ਉਹ ਸ਼ਾਮ 4 ਵਜੇ ਅੰਮ੍ਰਿਤਸਰ ਗੇਟ ਵਿਖੇ ਪਹੁੰਚਣਗੇ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਇਕੱਠ ਵਿੱਚ ਸ਼ਾਮਲ ਹੋਣ ਅਤੇ ਸਿੱਖਿਆ ਪ੍ਰਣਾਲੀ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਨ।
ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਹੋਵੇਗੀ ਮੁੱਖ ਮੁੱਦਾ
ਦੀਪਕੇ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਉਠਾਈ ਜਾਵੇਗੀ। ਉਨ੍ਹਾਂ ਦਾ ਦਾਅਵਾ ਹੈ ਕਿ ਨੀਟ ਅਤੇ ਸੀਬੀਐਸਈ ਨਾਲ ਸਬੰਧਤ ਮਾਮਲਿਆਂ ਵਿੱਚ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ, ਜਿਸ ਕਾਰਨ ਨੌਜਵਾਨਾਂ ਵਿੱਚ ਨਾਰਾਜ਼ਗੀ ਵਧੀ ਹੈ।
ਵਿਦਿਆਰਥੀਆਂ ਨੂੰ ਨਿਆਂ ਦਿਵਾਉਣ ਲਈ ਇਕਜੁੱਟ ਹੋਣ ਦਾ ਸੱਦਾ
ਸੀਜੇਪੀ ਆਗੂ ਨੇ ਕਿਹਾ ਕਿ ਜੇਕਰ ਵਿਦਿਆਰਥੀ ਅਤੇ ਨੌਜਵਾਨ ਇਕੱਠੇ ਹੋ ਕੇ ਆਪਣੀ ਗੱਲ ਲੋਕਤੰਤਰੀ ਢੰਗ ਨਾਲ ਰੱਖਣਗੇ ਤਾਂ ਉਨ੍ਹਾਂ ਦੇ ਮੁੱਦਿਆਂ ਵੱਲ ਸਰਕਾਰ ਦਾ ਧਿਆਨ ਜ਼ਰੂਰ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੂਰਾ ਪ੍ਰੋਗਰਾਮ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾਵੇਗਾ ਅਤੇ ਇਸ ਦਾ ਮਕਸਦ ਵਿਦਿਆਰਥੀਆਂ ਦੇ ਹੱਕਾਂ ਲਈ ਆਵਾਜ਼ ਉਠਾਉਣਾ ਹੈ।

