ਅੰਮ੍ਰਿਤਸਰ :- ਪੰਜਾਬ ਕਾਂਗਰਸ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਆਗੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਦੋਵਾਂ ਜ਼ਿਲ੍ਹਿਆਂ ਦੇ ਲਗਭਗ 15 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਕਾਂਗਰਸੀ ਆਗੂ ਸ੍ਰੀ ਦਰਬਾਰ ਸਾਹਿਬ ਪਹੁੰਚੇ। ਆਗੂਆਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਮਾਝੇ ਦੀਆਂ 15 ਸੀਟਾਂ ਤੇ ਮਿਲ ਕੇ ਕੰਮ ਕਰਨ ਦਾ ਦਾਅਵਾ
ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਮਾਝਾ ਖੇਤਰ ਦੀਆਂ ਲਗਭਗ 15 ਵਿਧਾਨ ਸਭਾ ਸੀਟਾਂ ਨੂੰ ਲੈ ਕੇ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਪੰਜਾਬ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਇਕੱਠੇ ਹੋ ਕੇ ਕੰਮ ਕਰਨਗੇ।
2027 ’ਚ ਸਰਕਾਰ ਬਣਾਉਣ ਦਾ ਔਜਲਾ ਨੇ ਕੀਤਾ ਦਾਅਵਾ
ਗੁਰਜੀਤ ਔਜਲਾ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਹਿੱਤਾਂ ਦੀ ਸਰਕਾਰ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਇਕਜੁੱਟਤਾ ਨਾਲ ਕੰਮ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ।
ਸੀਨੀਅਰ ਕਾਂਗਰਸੀ ਆਗੂ ਵੀ ਰਹੇ ਮੌਜੂਦ
ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੌਰਵ ਮਿੱਠੂ ਮਦਾਨ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਵਿਧਾਇਕ ਸੁਨੀਲ ਦੱਤ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਸੂਰਜ ਠਾਕੁਰ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।
ਲੋਕ ਮੁੱਦਿਆਂ ਨੂੰ ਪਹਿਲ ਦੇਣ ਦੀ ਗੱਲ
ਕਾਂਗਰਸੀ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇਣ ਵਾਲੀ ਸਰਕਾਰ ਲਈ ਮਿਲ ਕੇ ਕੰਮ ਕਰਨਗੇ।

