ਅੰਮ੍ਰਿਤਸਰ :- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਡੂੰਘੀ ਵਿਚਾਰ-ਵਟਾਂਦਰਾ ਹੋਈ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਹੋਈ ਮੀਟਿੰਗ
ਇਹ ਮੁਲਾਕਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਮੌਕੇ ਐਡਵੋਕੇਟ ਧਾਮੀ ਵੱਲੋਂ ਰਾਜਪਾਲ ਦਾ ਸਵਾਗਤ ਕੀਤਾ ਗਿਆ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਸੋਧ ਕਾਨੂੰਨ ਦੀਆਂ ਇਤਰਾਜ਼ਯੋਗ ਧਾਰਾਵਾਂ ‘ਤੇ ਜਤਾਈ ਚਿੰਤਾ
ਸੂਤਰਾਂ ਮੁਤਾਬਕ ਲਗਭਗ 20 ਮਿੰਟ ਚੱਲੀ ਇਸ ਬੈਠਕ ਦੌਰਾਨ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਨੂੰ ਕਾਨੂੰਨ ਵਿੱਚ ਸ਼ਾਮਲ ਕੀਤੀਆਂ ਕੁਝ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਦੋਵਾਂ ਆਗੂਆਂ ਨੇ ਇਹ ਮਤ ਪ੍ਰਗਟਾਇਆ ਕਿ ਸੋਧ ਐਕਟ ਦੀਆਂ ਕੁਝ ਧਾਰਾਵਾਂ ਧਾਰਮਿਕ ਮਰਯਾਦਾ ਅਤੇ ਪੰਥਕ ਭਾਵਨਾਵਾਂ ਨਾਲ ਜੁੜੀਆਂ ਚਿੰਤਾਵਾਂ ਨੂੰ ਜਨਮ ਦੇ ਰਹੀਆਂ ਹਨ।
ਅਕਾਲ ਤਖ਼ਤ ਵੱਲੋਂ ਰਾਜਪਾਲ ਨੂੰ ਸੌਂਪਿਆ ਗਿਆ ਵਿਸ਼ੇਸ਼ ਪੱਤਰ
ਮੁਲਾਕਾਤ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜਪਾਲ ਕਟਾਰੀਆ ਨੂੰ ਇਕ ਵਿਸ਼ੇਸ਼ ਪੱਤਰ ਵੀ ਸੌਂਪਿਆ। ਇਸ ਪੱਤਰ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਅਧਿਕਾਰਕ ਇਤਰਾਜ਼ਾਂ ਦਾ ਖਰੜਾ ਵੀ ਨੱਥੀ ਕੀਤਾ ਗਿਆ ਸੀ, ਜਿਸ ਵਿੱਚ ਸੋਧ ਐਕਟ ਦੇ ਵੱਖ-ਵੱਖ ਪੱਖਾਂ ਬਾਰੇ ਆਪਣਾ ਸਟੈਂਡ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦੀ ਸੰਭਾਵਨਾ ਜਤਾਈ
ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਲਾਗੂ ਹੋਇਆ ਹੈ, ਉਸ ਤੋਂ ਬਾਅਦ ਵੱਖ-ਵੱਖ ਪਾਸਿਆਂ ਤੋਂ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨਾਲ ਵੀ ਚਰਚਾ ਕਰਨ ਬਾਰੇ ਵਿਚਾਰ ਕਰ ਰਹੇ ਹਨ ਤਾਂ ਜੋ ਸਾਰੇ ਪੱਖਾਂ ਨੂੰ ਨਾਲ ਬਿਠਾ ਕੇ ਕੋਈ ਸੁਚੱਜਾ ਹੱਲ ਕੱਢਿਆ ਜਾ ਸਕੇ।

