ਅੰਮ੍ਰਿਤਸਰ :- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਅਤੇ ਦੀਪਮਾਲਾ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਗੁਰਬਾਣੀ ਕੀਰਤਨ ਤੇ ਧਾਰਮਿਕ ਸਮਾਗਮ
ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ, ਕੀਰਤਨ, ਢਾਡੀ ਵਾਰਾਂ ਅਤੇ ਕਵੀਸ਼ਰੀ ਦੇ ਦੀਵਾਨ ਸਜਾਏ ਜਾ ਰਹੇ ਹਨ। ਸ਼ਾਮ ਨੂੰ ਗਿਆਨੀ ਭਾਈ ਦਵਿੰਦਰ ਸਿੰਘ ਖੰਨੇ ਵਾਲੇ ਅਤੇ ਗਿਆਨੀ ਭਾਈ ਪਿੰਦਰਪਾਲ ਸਿੰਘ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ
ਪ੍ਰਕਾਸ਼ ਗੁਰਪੁਰਬ ਮੌਕੇ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸ਼ਰਧਾਲੂਆਂ ਨੂੰ ਸਿੱਖ ਰਹਿਤ ਮਰਿਆਦਾ ਅਨੁਸਾਰ ਤਿਆਰੀ ਕਰਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਰਾਤ ਨੂੰ ਹੋਵੇਗੀ ਦੀਪਮਾਲਾ ਤੇ ਆਤਿਸ਼ਬਾਜ਼ੀ
ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਦੀਪਮਾਲਾ ਕੀਤੀ ਜਾਵੇਗੀ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਹੋਵੇਗੀ।
ਐਡਵੋਕੇਟ ਧਾਮੀ ਨੇ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਨਿਸ਼ਕਾਮ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਣ ਦੀ ਪ੍ਰੇਰਨਾ ਦਿੰਦਾ ਹੈ।