ਅੰਮ੍ਰਿਤਸਰ :- ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਰਾਤ ਦੇ ਸਮੇਂ ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ਉੱਤੇ ਜਾਨਲੇਵਾ ਹਮਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ, ਬਾਬਾ ਲਾਡੀ ਨਾਥ ਆਪਣੇ ਘਰ ਵਾਪਸ ਆ ਰਹੇ ਸਨ, ਜਦੋਂ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਗੱਡੀ ਉੱਤੇ ਅਚਾਨਕ ਗੋਲੀਆਂ ਚਲਾਈਆਂ। ਹਮਲੇ ਨਾਲ ਗੱਡੀ ਦਾ ਕੱਚ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਬਾਬਾ ਲਾਡੀ ਨਾਥ ਸੁਰੱਖਿਅਤ ਰਹੇ।
ਹਮਲਾਵਰ ਅਣਪਛਾਤੇ, ਚਿਹਰਾ ਕਪੜਿਆਂ ਨਾਲ ਢੱਕਿਆ ਹੋਇਆ
ਬਾਬਾ ਲਾਡੀ ਨਾਥ ਨੇ ਦੱਸਿਆ ਕਿ ਹਮਲਾਵਰਾਂ ਨੇ ਆਪਣੇ ਚਿਹਰੇ ਕਪੜਿਆਂ ਨਾਲ ਢੱਕੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਗੋਲੀਆਂ ਚਲਾਉਣ ਤੋਂ ਬਾਅਦ ਦੋਵੇਂ ਨੌਜਵਾਨ ਮੌਕੇ ਤੋਂ ਤੇਜ਼ੀ ਨਾਲ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣ ਗਿਆ।
ਪੁਲਿਸ ਨੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕੀਤੀ
ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਦਾ ਮੌਇਨਾ ਕੀਤਾ ਗਿਆ ਅਤੇ ਨੇੜਲੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਹਿਚਾਣ ਕੀਤੀ ਜਾ ਸਕੇ। ਪੁਲਿਸ ਨੇ ਭਰੋਸਾ ਦਿਲਾਇਆ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਾਬਾ ਲਾਡੀ ਨਾਥ ਦੀ ਅਪੀਲ
ਬਾਬਾ ਲਾਡੀ ਨਾਥ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸੇ ਦੁਬਾਰਾ ਨਾ ਹੋਣ।