ਅੰਮ੍ਰਿਤਸਰ :- ਪੰਜਾਬ ਪੁਲਿਸ ਨੂੰ ਅੱਤਵਾਦ ਵਿਰੋਧੀ ਮੋਰਚੇ ‘ਤੇ ਮਹੱਤਵਪੂਰਨ ਕਾਮਯਾਬੀ ਮਿਲੀ ਹੈ। ਡੀ.ਜੀ.ਪੀ. ਪੰਜਾਬ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਪਾਕਿਸਤਾਨ ਦੀ ਆਈ.ਐਸ.ਆਈ. ਦੀ ਹਿਮਾਇਤ ਨਾਲ ਚੱਲ ਰਹੇ ਸਰਹੱਦ ਪਾਰ ਅੱਤਵਾਦੀ ਜਾਲ ਨੂੰ ਬੇਨਕਾਬ ਕੀਤਾ ਹੈ। ਇਸ ਦੌਰਾਨ ਸਾਂਝੀ ਕਾਰਵਾਈ ਕਰਦਿਆਂ ਇਕ ਸੰਦੇਹੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ
ਐਸ.ਐਸ.ਓ.ਸੀ. ਅੰਮ੍ਰਿਤਸਰ ਅਤੇ ਮੋਹਾਲੀ ਦੀਆਂ ਟੀਮਾਂ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਗ੍ਰਿਫ਼ਤਾਰ ਦੋਸ਼ੀ ਕੋਲੋਂ 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਪੁਲਿਸ ਇਸਨੂੰ ਇੱਕ ਸੰਭਾਵਿਤ ਵੱਡੀ ਸਾਜ਼ਿਸ਼ ਨਾਲ ਜੋੜ ਕੇ ਦੇਖ ਰਹੀ ਹੈ।
ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ, ਚੰਡੀਗੜ੍ਹ ਹਮਲੇ ਨਾਲ ਲਿੰਕ
ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਵਿਦੇਸ਼ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ। ਉਸਦੇ ਸੰਬੰਧ ਉਸ ਅੱਤਵਾਦੀ ਮਾਡਿਊਲ ਨਾਲ ਵੀ ਜੁੜੇ ਮਿਲੇ ਹਨ, ਜੋ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ ਦੀ ਸਾਜ਼ਿਸ਼ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।
ਮਾਮਲਾ ਦਰਜ, ਹੋਰ ਸਾਥੀਆਂ ਦੀ ਭਾਲ ਜਾਰੀ
ਇਸ ਮਾਮਲੇ ਸਬੰਧੀ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਹੁਣ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਤਫ਼ਤੀਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

