ਅੰਮ੍ਰਿਤਸਰ :- ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਆਰੰਭ ਹੋ ਗਿਆ। ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮ ਹੋਇਆ। ਇਸ ਮੌਕੇ ਵੱਖ-ਵੱਖ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।
ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਿਆ ਮਾਰਚ
ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਮਾਰਚ ਦਾ ਮੁੱਖ ਮੰਤਵ ਗੁਰਮਤਿ ਸਿਧਾਂਤਾਂ ਦਾ ਪ੍ਰਚਾਰ ਕਰਨਾ ਅਤੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਸੰਦੇਸ਼ ਨਾਲ ਜੋੜਨਾ ਹੈ।
ਗੁਰੂ ਸਾਹਿਬਾਨ ਦੇ ਸ਼ਸਤਰਾਂ ਦੇ ਹੋਣਗੇ ਦਰਸ਼ਨ
ਮਾਰਚ ਦੌਰਾਨ ਇੱਕ ਵਿਸ਼ੇਸ਼ ਵਾਹਨ ਵਿੱਚ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਨਾਲ ਸਬੰਧਤ ਇਤਿਹਾਸਕ ਸ਼ਸਤਰ ਸੰਗਤਾਂ ਦੇ ਦਰਸ਼ਨਾਂ ਲਈ ਰੱਖੇ ਗਏ ਹਨ। ਇਸ ਦੇ ਨਾਲ ਹੀ ਸਿੱਖ ਇਤਿਹਾਸ, ਵਿਰਾਸਤ ਅਤੇ ਸੰਘਰਸ਼ ਨੂੰ ਦਰਸਾਉਂਦੀਆਂ ਪ੍ਰਦਰਸ਼ਨੀ ਗੱਡੀਆਂ ਵੀ ਮਾਰਚ ਦਾ ਹਿੱਸਾ ਬਣੀਆਂ ਹਨ।
ਅੰਮ੍ਰਿਤਸਰ ਤੋਂ ਤਰਨਤਾਰਨ ਤੱਕ ਤੈਅ ਕੀਤਾ ਗਿਆ ਰੂਟ
ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋ ਕੇ ਹਾਲ ਗੇਟ, ਭੰਡਾਰੀ ਪੁਲ, ਪੁਤਲੀਘਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਛੇਹਰਟਾ, ਇੰਡੀਆ ਗੇਟ ਬਾਈਪਾਸ, ਖਾਸਾ, ਘਰਿੰਡਾ ਅਤੇ ਅਟਾਰੀ ਸਮੇਤ ਕਈ ਪਿੰਡਾਂ ਵਿੱਚੋਂ ਲੰਘਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ (ਤਰਨਤਾਰਨ) ਪਹੁੰਚੇਗਾ, ਜਿੱਥੇ ਰਾਤ ਦਾ ਵਿਸ਼ਰਾਮ ਕੀਤਾ ਜਾਵੇਗਾ। ਇਸ ਤੋਂ ਬਾਅਦ ਅਗਲੇ ਦਿਨ ਮਾਰਚ ਤਰਨਤਾਰਨ ਸਾਹਿਬ ਵੱਲ ਰਵਾਨਾ ਹੋਵੇਗਾ।
ਸੰਗਤ ਨੂੰ ਪਰਿਵਾਰ ਸਮੇਤ ਸ਼ਾਮਲ ਹੋਣ ਦੀ ਅਪੀਲ
ਆਯੋਜਕਾਂ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰਾਂ ਸਮੇਤ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੇ ਇਤਿਹਾਸ ਅਤੇ ਸਿਧਾਂਤਾਂ ਨਾਲ ਜੁੜਨ ਦਾ ਲਾਭ ਪ੍ਰਾਪਤ ਕਰਨ।
ਕੀ ਹੈ ਮੀਰੀ-ਪੀਰੀ ਦਿਵਸ ਦਾ ਮਹੱਤਵ?
ਮੀਰੀ-ਪੀਰੀ ਦਿਵਸ ਸਿੱਖ ਇਤਿਹਾਸ ਦਾ ਮਹੱਤਵਪੂਰਨ ਦਿਹਾੜਾ ਹੈ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਸੇ ਦਿਨ ਦੋ ਤਲਵਾਰਾਂ ਧਾਰਨ ਕਰਕੇ ‘ਮੀਰੀ’ ਅਤੇ ‘ਪੀਰੀ’ ਦੇ ਸਿਧਾਂਤ ਨੂੰ ਪ੍ਰਗਟ ਕੀਤਾ ਸੀ। ‘ਮੀਰੀ’ ਸੰਸਾਰਿਕ ਜ਼ਿੰਮੇਵਾਰੀ, ਨਿਆਂ ਅਤੇ ਸਮਾਜ ਦੀ ਰੱਖਿਆ ਦਾ ਪ੍ਰਤੀਕ ਹੈ, ਜਦਕਿ ‘ਪੀਰੀ’ ਆਤਮਿਕ ਜੀਵਨ, ਧਾਰਮਿਕ ਮਾਰਗਦਰਸ਼ਨ ਅਤੇ ਪ੍ਰਭੂ ਭਗਤੀ ਦਾ ਪ੍ਰਤੀਕ ਮੰਨੀ ਜਾਂਦੀ ਹੈ। ਗੁਰੂ ਸਾਹਿਬ ਨੇ ਇਸ ਸਿਧਾਂਤ ਰਾਹੀਂ ਸਿੱਖਾਂ ਨੂੰ ਸੰਦੇਸ਼ ਦਿੱਤਾ ਕਿ ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਆਤਮਿਕਤਾ ਅਤੇ ਸ਼ਕਤੀ ਦਾ ਸੰਤੁਲਨ ਬਰਕਰਾਰ ਰੱਖਣਾ ਜ਼ਰੂਰੀ ਹੈ।

