ਅੰਮ੍ਰਿਤਸਰ :- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਇਮਾਨ ਸਿੰਘ ਮਾਨ ਨੇ ਅਮਰੀਕੀ ਵਫ਼ਦਾਂ ਨਾਲ ਮੁਲਾਕਾਤ ਦੌਰਾਨ ਸਿੱਖਾਂ ਨਾਲ ਜੁੜੇ ਕਈ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਮਾਮਲੇ ਉਠਾਏ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਅਮਰੀਕੀ ਰਾਜਦੂਤ ਅਤੇ ਦੱਖਣੀ ਏਸ਼ੀਆ ਮਾਮਲਿਆਂ ਦੇ ਮੁਖੀ ਨੂੰ ਇਨ੍ਹਾਂ ਮੁੱਦਿਆਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਹੈ।
ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਮੁੱਦਾ
ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਅਮਰੀਕਾ ਵੱਲੋਂ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਨਾਲ ਜੁੜੇ ਮਾਮਲੇ ਅੰਤਰਰਾਸ਼ਟਰੀ ਪੱਧਰ ‘ਤੇ ਉਠਾਏ ਜਾਂਦੇ ਰਹੇ ਹਨ। ਉਨ੍ਹਾਂ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕਥਿਤ ਕਤਲ ਦੀ ਸਾਜ਼ਿਸ਼ ਨਾਲ ਜੁੜੇ ਅਮਰੀਕੀ ਨਿਆਂ ਵਿਭਾਗ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਸਿੱਖਾਂ ਦੀ ਸੁਰੱਖਿਆ ਪ੍ਰਤੀ ਅਮਰੀਕਾ ਦੀ ਸੰਵੇਦਨਸ਼ੀਲਤਾ ਲਈ ਧੰਨਵਾਦ ਕੀਤਾ।
ਟਰੰਪ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਸਿਫ਼ਾਰਸ਼
ਇਮਾਨ ਸਿੰਘ ਮਾਨ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਸਿਫ਼ਾਰਸ਼ ਕੀਤੇ ਜਾਣ ਦੀ ਗੱਲ ਵੀ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਫੌਜੀ ਤਣਾਅ ਦੇ ਸਮੇਂ ਟਰੰਪ ਪ੍ਰਸ਼ਾਸਨ ਦੇ ਦਖ਼ਲ ਨਾਲ ਜੰਗ ਟਲਣ ਵਿੱਚ ਮਦਦ ਮਿਲੀ। ਮਾਨ ਨੇ ਕਿਹਾ ਕਿ ਜੰਗ ਹੋਣ ਦੀ ਸਥਿਤੀ ਵਿੱਚ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਸੀ।
ਸਿੰਧੂ ਜਲ ਸੰਧੀ ਬਹਾਲ ਕਰਨ ਦੀ ਮੰਗ
ਮੰਗ ਪੱਤਰ ਵਿੱਚ ਸਿੰਧੂ ਜਲ ਸੰਧੀ ਦਾ ਮਾਮਲਾ ਵੀ ਉਠਾਇਆ ਗਿਆ। ਮਾਨ ਨੇ ਕਿਹਾ ਕਿ ਸੰਧੀ ਨਾਲ ਜੁੜੇ ਵਿਵਾਦ ਦਾ ਅਸਰ ਖੇਤਰ ਦੀ ਸਥਿਰਤਾ ‘ਤੇ ਪਿਆ ਹੈ ਅਤੇ ਰਿਪੇਰੀਅਨ ਅਧਿਕਾਰਾਂ ਦਾ ਮਾਮਲਾ ਵੀ ਇਸ ਨਾਲ ਜੁੜਿਆ ਹੈ। ਉਨ੍ਹਾਂ ਅਮਰੀਕਾ ਤੋਂ ਮੰਗ ਕੀਤੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਘਟਾਉਣ ਲਈ ਸਿੰਧੂ ਜਲ ਸੰਧੀ ਨੂੰ ਬਹਾਲ ਕਰਵਾਉਣ ਲਈ ਕਦਮ ਚੁੱਕੇ ਜਾਣ।
ਤਾਪੀ ਗੈਸ ਪਾਈਪਲਾਈਨ ਪ੍ਰੋਜੈਕਟ ਤੇਜ਼ ਕਰਨ ਦੀ ਮੰਗ
ਮਾਨ ਨੇ ਤੁਰਕਮੇਨਿਸਤਾਨ-ਅਫਗਾਨਿਸਤਾਨ-ਪਾਕਿਸਤਾਨ-ਭਾਰਤ (ਤਾਪੀ) ਗੈਸ ਪਾਈਪਲਾਈਨ ਪ੍ਰੋਜੈਕਟ ਨੂੰ ਤੇਜ਼ ਕਰਨ ਦੀ ਮੰਗ ਵੀ ਰੱਖੀ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਅਤੇ ਪਾਕਿਸਤਾਨ ਰਾਹੀਂ ਫਾਜ਼ਿਲਕਾ ਤੱਕ ਆਉਣ ਵਾਲੀ ਇਹ ਗੈਸ ਲਾਈਨ ਪੰਜਾਬ ਤੱਕ ਪਹੁੰਚਦੀ ਹੈ ਤਾਂ ਇਸ ਨਾਲ ਸਰਹੱਦੀ ਵਪਾਰ ਵਧਣ, ਉਦਯੋਗਾਂ ਨੂੰ ਹੁਲਾਰਾ ਮਿਲਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ।
ਐੱਸਜੀਪੀਸੀ ਦੀਆਂ ਆਮ ਚੋਣਾਂ ਜਲਦੀ ਕਰਵਾਉਣ ਦੀ ਮੰਗ
ਧਾਰਮਿਕ ਮਾਮਲਿਆਂ ਨੂੰ ਲੈ ਕੇ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਚੋਣਾਂ ਪਿਛਲੇ 15 ਸਾਲਾਂ ਤੋਂ ਲਟਕੀਆਂ ਹੋਈਆਂ ਹਨ। ਮਾਨ ਮੁਤਾਬਕ 1925 ਵਿੱਚ ਸਥਾਪਤ ਇਸ ਸੰਸਥਾ ਦੀਆਂ ਚੋਣਾਂ ਨਾ ਹੋਣ ਕਾਰਨ ਸਿੱਖਾਂ ਨਾਲ ਜੁੜੇ ਕਈ ਧਾਰਮਿਕ ਮਾਮਲੇ ਹੱਲ ਨਹੀਂ ਹੋ ਸਕੇ।
ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ
ਇਮਾਨ ਸਿੰਘ ਮਾਨ ਨੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਵੀ ਰੱਖੀ। ਉਨ੍ਹਾਂ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਉਜਾਗਰ ਕੀਤੇ ਗਏ ਕਤਲਾਂ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਸੰਯੁਕਤ ਰਾਸ਼ਟਰ ਦੇ ਚਾਰਟਰ ਤਹਿਤ ਸਵੈ-ਨਿਰਣੇ ਦੇ ਅਧਿਕਾਰ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਨਾਲ ਜੁੜੇ ਮਾਮਲਿਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਠਾਇਆ ਜਾਣਾ ਚਾਹੀਦਾ ਹੈ।

