ਅੰਮ੍ਰਿਤਸਰ :- ਅੰਮ੍ਰਿਤਸਰ ਦੇ ਸਭ ਤੋਂ ਰੁਸ਼ ਵਾਲੇ ਇਲਾਕਿਆਂ ਵਿੱਚੋਂ ਇੱਕ, ਕਟੜਾ ਜੈਮਲ ਸਿੰਘ ਮਾਰਕੀਟ ਵਿੱਚ ਅੱਜ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸਟੇਟ ਬੈਂਕ ਆਫ ਇੰਡੀਆ (SBI) ਦੀ ਸ਼ਾਖਾ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਮਿੰਟਾਂ ਵਿੱਚ ਹੀ ਬੈਂਕ ਦੇ ਅੰਦਰ ਰੱਖਿਆ ਫਰਨੀਚਰ, ਮਹੱਤਵਪੂਰਨ ਦਸਤਾਵੇਜ਼ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।
ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਮੁੱਢਲੇ ਤੌਰ ‘ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਘਟਨਾ ਦੇ ਸਮੇਂ ਬੈਂਕ ਅੰਦਰ ਕੋਈ ਕਰਮਚਾਰੀ ਮੌਜੂਦ ਨਹੀਂ ਸੀ, ਜਿਸ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਸਵੇਰੇ ਸਥਾਨਕ ਵਾਸੀਆਂ ਨੇ ਦਿੱਤੀ ਸੂਚਨਾ
ਸਵੇਰ ਸਮੇਂ ਸਥਾਨਕ ਲੋਕਾਂ ਨੇ ਬੈਂਕ ਦੀ ਪਹਿਲੀ ਮੰਜ਼ਿਲ ਤੋਂ ਧੂੰਆਂ ਨਿਕਲਦਾ ਦੇਖਿਆ ਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਕੁਝ ਹੀ ਸਮੇਂ ‘ਚ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ।
ਫਾਇਰ ਬ੍ਰਿਗੇਡ ਨੇ ਸਮੇਂ ਸਿਰ ਕਾਬੂ ਪਾ ਕੇ ਵੱਡਾ ਹਾਦਸਾ ਟਲਾਇਆ
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਪੂਰਾ ਕਾਬੂ ਪਾ ਲਿਆ ਗਿਆ। ਅਧਿਕਾਰੀਆਂ ਦੇ ਮੁਤਾਬਕ ਅੱਗ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਸੀ ਅਤੇ ਹੌਲੀ-ਹੌਲੀ ਪੂਰੀ ਇਮਾਰਤ ਵੱਲ ਫੈਲ ਰਹੀ ਸੀ। ਸਮੇਂ ਸਿਰ ਕਾਰਵਾਈ ਨਾਲ ਇੱਕ ਵੱਡਾ ਹਾਦਸਾ ਟਲ ਗਿਆ।
ਪੁਲਿਸ ਵੱਲੋਂ ਜਾਂਚ ਜਾਰੀ
ਫਿਲਹਾਲ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਅੱਗ ਦੇ ਅਸਲ ਕਾਰਣਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।