ਅੰਮ੍ਰਿਤਸਰ :- ਮੁੱਖ ਮੰਤਰੀ ਭਗਵੰਤ ਸਿੰਘ ਨਾਲ ਨਿੱਜੀ ਮੁਲਾਕਾਤ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮਾਮਲੇ ਵਿੱਚ ਬਾਬਾ ਲੱਖਾ ਸਿੰਘ ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਸਬੰਧੀ ਜਾਰੀ ਕੀਤੇ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਨੀ ਚਾਹੀਦੀ ਸੀ ਅਤੇ ਇਹ ਉਨ੍ਹਾਂ ਦੀ ਭੁੱਲ ਸੀ।
ਹਸਪਤਾਲ ਦੇ ਕੰਮ ਲਈ ਮੁੱਖ ਮੰਤਰੀ ਨਾਲ ਮਿਲਣ ਦੀ ਦੱਸੀ ਵਜ੍ਹਾ
ਬਾਬਾ ਲੱਖਾ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਕਾਰਨ ਨਾਨਕਸਰ ਸੰਪਰਦਾ ਵੱਲੋਂ ਚਲਾਏ ਜਾ ਰਹੇ ਹਸਪਤਾਲ ਦੇ ਪ੍ਰਬੰਧਾਂ ਨਾਲ ਸਬੰਧਤ ਕੰਮ ਸੀ। ਉਨ੍ਹਾਂ ਮੁਤਾਬਕ ਕੁਝ ਸਰਕਾਰੀ ਅਧਿਕਾਰੀਆਂ ਵੱਲੋਂ ਮਾਮਲੇ ਨੂੰ ਅੱਗੇ ਵਧਾਉਣ ਵਿੱਚ ਅਸਮਰੱਥਾ ਪ੍ਰਗਟਾਈ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਤੋਂ ਲੋੜੀਂਦੇ ਆਦੇਸ਼ ਕਰਵਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ।
ਬੇਅਦਬੀ ਕਾਨੂੰਨ ਦੀ ਸ਼ਲਾਘਾ ਕਰਨ ਤੋਂ ਕੀਤਾ ਇਨਕਾਰ
ਬਾਬਾ ਲੱਖਾ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀ ਕੋਈ ਸ਼ਲਾਘਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਦੇ ਨਾਮ ਨਾਲ ਜੋ ਬਿਆਨ ਮੀਡੀਆ ਵਿੱਚ ਆਇਆ, ਉਹ ਉਨ੍ਹਾਂ ਵੱਲੋਂ ਜਾਰੀ ਨਹੀਂ ਕੀਤਾ ਗਿਆ ਸੀ ਅਤੇ ਸਰਕਾਰ ਨੇ ਆਪਣੇ ਪੱਧਰ ’ਤੇ ਉਨ੍ਹਾਂ ਦੇ ਹਵਾਲੇ ਨਾਲ ਇਹ ਬਿਆਨ ਜਾਰੀ ਕੀਤਾ।
ਸਪੱਸ਼ਟੀਕਰਨ ਤੇ ਖਿਮਾ ਜਾਚਨਾ ਪੰਜ ਸਿੰਘ ਸਾਹਿਬਾਨ ਕੋਲ ਰੱਖੀ ਜਾਵੇਗੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਬਾਬਾ ਲੱਖਾ ਸਿੰਘ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਅਤੇ ਖਿਮਾ ਜਾਚਨਾ ਪ੍ਰਾਪਤ ਕਰ ਲਈ ਗਈ ਹੈ। ਹੁਣ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਲਈ ਰੱਖਿਆ ਜਾਵੇਗਾ ਅਤੇ ਉੱਥੇ ਇਸ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।

