ਚੰਡੀਗੜ੍ਹ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਪਟਿਆਲਾ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਤੋਂ ਰਾਹਤ ਮਿਲਣ ਦੀ ਉਮੀਦ ਨੂੰ ਅਜੇ ਹੋਰ ਉਡੀਕ ਕਰਨੀ ਪਵੇਗੀ। ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਬੁੱਧਵਾਰ, 28 ਅਕਤੂਬਰ ਨੂੰ ਸੁਣਵਾਈ ਹੋਈ, ਪਰ ਅਦਾਲਤ ਨੇ ਕੋਈ ਰਾਹਤ ਨਹੀਂ ਦਿੱਤੀ। ਕੇਂਦਰ ਸਰਕਾਰ ਦੇ ਵਕੀਲ ਵੱਲੋਂ ਹੋਰ ਸਮਾਂ ਮੰਗੇ ਜਾਣ ਮਗਰੋਂ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਤੈਅ ਕਰ ਦਿੱਤੀ।
ਦਇਆ ਪਟੀਸ਼ਨ ’ਤੇ ਦੇਰੀ ਦਾ ਦਿੱਤਾ ਹਵਾਲਾ
ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਉਸ ਦੀ ਰਹਿਮ ਦੀ ਅਪੀਲ ’ਤੇ ਲੰਮੇ ਸਮੇਂ ਤੋਂ ਫ਼ੈਸਲਾ ਨਹੀਂ ਹੋਇਆ। ਇਸ ਮਾਮਲੇ ਵਿੱਚ ਸਾਲ 2012 ਤੋਂ ਦਇਆ ਪਟੀਸ਼ਨ ਲੰਬਿਤ ਰਹਿਣ ਦਾ ਮੁੱਦਾ ਵੀ ਸੁਪਰੀਮ ਕੋਰਟ ਵਿੱਚ ਚੁੱਕਿਆ ਗਿਆ ਹੈ।
1995 ਦੇ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਮਿਲੀ ਸੀ ਮੌਤ ਦੀ ਸਜ਼ਾ
ਬਲਵੰਤ ਸਿੰਘ ਰਾਜੋਆਣਾ ਨੂੰ ਸਾਲ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਸਾਲ 2007 ਵਿੱਚ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਹੁਣ ਉਸ ਦੀ ਪਟੀਸ਼ਨ ’ਤੇ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ, ਜਿਸ ’ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ।