ਭਗਵੰਤ ਮਾਨ ਨੇ ਗੁਰੂ ਸਾਹਿਬ ਦੇ ਸਿਧਾਂਤਾਂ ’ਤੇ ਚੱਲਣ ਲਈ ਕਿਹਾ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਅਜਿਹੀ ਜੀਵਨ ਜਾਂਚ ਬਖ਼ਸ਼ੀ, ਜਿਸ ਦਾ ਆਧਾਰ ਨਾਮ ਸਿਮਰਨ, ਇਮਾਨਦਾਰ ਕਿਰਤ ਅਤੇ ਲੋੜਵੰਦਾਂ ਨਾਲ ਵੰਡ ਕੇ ਛਕਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ ਅਤੇ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਇੱਕਜੁੱਟ ਹੋਣ ਅਤੇ ਸੱਚ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਗੁਰਪੁਰਬ ਦਾ ਦਿਹਾੜਾ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਿਰਫ਼ ਯਾਦ ਕਰਨ ਦੀ ਬਜਾਏ ਆਪਣੇ ਰੋਜ਼ਾਨਾ ਜੀਵਨ ਵਿੱਚ ਅਮਲ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਅਜਿਹੇ ਸਮਾਜ ਦੀ ਉਸਾਰੀ ਲਈ ਇਨ੍ਹਾਂ ਸਿਧਾਂਤਾਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ, ਜਿੱਥੇ ਹਰ ਵਿਅਕਤੀ ਨੂੰ ਬਰਾਬਰ ਦਾ ਸਤਿਕਾਰ ਅਤੇ ਅੱਗੇ ਵਧਣ ਦੇ ਮੌਕੇ ਮਿਲਣ।
ਸੰਧਵਾਂ ਨੇ ਇਮਾਨਦਾਰ ਕਿਰਤ ਅਤੇ ਹੱਕ ਦੀ ਕਮਾਈ ਦਾ ਦਿੱਤਾ ਸੁਨੇਹਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਪੂਰੀ ਮਨੁੱਖਤਾ ਲਈ ਸਹੀ ਜੀਵਨ ਜਿਊਣ ਦੀ ਸੇਧ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ ਅਤੇ ਨੇਕੀ ਦੇ ਮਾਰਗ ਨੂੰ ਅਪਣਾਉਣ ਦੀ ਅਪੀਲ ਕੀਤੀ।
ਸਪੀਕਰ ਨੇ ਕਿਹਾ ਕਿ ਹਰ ਮਨੁੱਖ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਰੋਜ਼ੀ ਕਮਾਉਣੀ ਚਾਹੀਦੀ ਹੈ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਆਪਣੀ ਕਮਾਈ ਵਿੱਚੋਂ ਲੋੜਵੰਦਾਂ ਦੀ ਮਦਦ ਕਰਨਾ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਸੋਚਣਾ ਗੁਰੂ ਸਾਹਿਬ ਦੀ ਵਿਚਾਰਧਾਰਾ ਦਾ ਅਹਿਮ ਹਿੱਸਾ ਹੈ।
ਗੁਰੂ ਸਾਹਿਬ ਦੀਆਂ ਉਦਾਸੀਆਂ ਦਾ ਵੀ ਕੀਤਾ ਜ਼ਿਕਰ
ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਸੱਚਾਈ, ਹੱਕ ਦੀ ਕਮਾਈ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਸਿੱਖਿਆ ਸੀ ਕਿ ਮਨੁੱਖ ਆਪਣੀ ਮਿਹਨਤ ਦੀ ਕਮਾਈ ਵਿੱਚੋਂ ਦੂਜਿਆਂ ਦਾ ਹਿੱਸਾ ਵੀ ਕੱਢੇ ਅਤੇ ਲੋੜਵੰਦਾਂ ਦੀ ਸਹਾਇਤਾ ਕਰੇ।
ਸਪੀਕਰ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਮਨੁੱਖਤਾ ਨੂੰ ਦਿੱਤੀ ਗਈ ਅਧਿਆਤਮਿਕ ਅਤੇ ਵਿਚਾਰਧਾਰਕ ਦੇਣ ਅਮੁੱਲ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੁੱਚੀ ਦੁਨੀਆ ਨੂੰ ਖ਼ੁਸ਼ਹਾਲੀ, ਚੰਗੀ ਸਿਹਤ, ਆਪਸੀ ਪਿਆਰ ਅਤੇ ਸ਼ਾਂਤੀ ਦਾ ਅਸ਼ੀਰਵਾਦ ਬਖ਼ਸ਼ਣ। ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿਹਨਤ ਅਤੇ ਚੰਗੇ ਸੰਸਕਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾ ਰਹੇ ਹਨ ਅਤੇ ਦੇਸ਼ ਦਾ ਮਾਣ ਵਧਾ ਰਹੇ ਹਨ।