ਚੰਡੀਗੜ੍ਹ :- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਸੰਕਟ ‘ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਇਸ ਵੇਲੇ ਇਕ ਵੱਡੀ ਤ੍ਰਾਸਦੀ ਦਾ ਸਾਹਮਣਾ ਕਰ ਰਿਹਾ ਹੈ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀ ਦਾ ਭਰੋਸਾ
ਅਸ਼ੋਕ ਮਿੱਤਲ ਨੇ ਐਲਾਨ ਕੀਤਾ ਕਿ ਹੜ੍ਹਾਂ ਕਾਰਨ ਜਿਨ੍ਹਾਂ 43 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਪਰਿਵਾਰਾਂ ਵਿਚੋਂ ਇੱਕ-ਇੱਕ ਮੈਂਬਰ ਨੂੰ ਯੋਗਤਾ ਦੇ ਅਧਾਰ ‘ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਪੱਕੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਅਤੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਨ।
ਹੜ੍ਹ ਕਾਰਨ ਵੱਡਾ ਨੁਕਸਾਨ
ਪੰਜਾਬ ਦੇ ਹੁਣ ਤੱਕ 1900 ਤੋਂ ਵੱਧ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। 4 ਲੱਖ ਏਕੜ ਤੋਂ ਜ਼ਿਆਦਾ ਖੇਤਾਂ ਵਿੱਚ ਪਾਣੀ ਖੜ੍ਹਾ ਹੈ ਅਤੇ ਸੂਬੇ ਦੇ ਸਾਰੇ 23 ਜ਼ਿਲ੍ਹੇ ਕਿਸੇ ਨਾ ਕਿਸੇ ਤਰੀਕੇ ਨਾਲ ਪ੍ਰਭਾਵਿਤ ਹੋਏ ਹਨ। ਅਸ਼ੋਕ ਮਿੱਤਲ ਨੇ ਕਿਹਾ ਕਿ ਹਰ ਪਿੰਡ ਵਿੱਚ ਸਰਕਾਰ ਵਲੋਂ ਇਕ ਗਜ਼ਟਿਡ ਅਧਿਕਾਰੀ ਦੀ 24 ਘੰਟੇ ਡਿਊਟੀ ਲਗਾਈ ਗਈ ਹੈ ਤਾਂ ਜੋ ਮਦਦ ਦੇ ਕੰਮ ਤੇਜ਼ੀ ਨਾਲ ਹੋ ਸਕਣ।