ਅੰਮ੍ਰਿਤਸਰ :- ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਮਹੱਤਵਪੂਰਨ ਮੋੜ ਆ ਸਕਦਾ ਹੈ, ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਭਰਤੀ ਕਮੇਟੀ ਦਾ ਇਜਲਾਸ ਅੰਮ੍ਰਿਤਸਰ ਦੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਵੇਰੇ 11 ਵਜੇ ਹੋਵੇਗਾ। ਇਸ ਮੀਟਿੰਗ ਵਿੱਚ ਨਵੇਂ ਪ੍ਰਧਾਨ ਸਮੇਤ ਹੋਰਨਾਂ ਅਹੁਦੇਦਾਰਾਂ ਦੇ ਨਾਂ ‘ਤੇ ਫੈਸਲਾ ਲਿਆ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਪ੍ਰਧਾਨਗੀ ਲਈ ਸਭ ਤੋਂ ਅੱਗੇ ਹੈ ਅਤੇ ਇਸ ‘ਤੇ ਸਹਿਮਤੀ ਵੀ ਬਣ ਚੁੱਕੀ ਹੈ।
ਮੀਟਿੰਗ ਸਥਾਨ ਨੂੰ ਲੈ ਕੇ ਟਕਰਾਅ
ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਸਪਸ਼ਟ ਕੀਤਾ ਹੈ ਕਿ ਅੰਤਿਮ ਫੈਸਲਾ ਡੈਲੀਗੇਟਾਂ ਵੱਲੋਂ ਹੀ ਲਿਆ ਜਾਵੇਗਾ। ਪਹਿਲਾਂ ਇਸ ਇਜਲਾਸ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰਨ ਦੀ ਮੰਗ ਕੀਤੀ ਗਈ ਸੀ, ਪਰ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਵੱਲੋਂ ਭਾਈ ਗੁਰਦਾਸ ਹਾਲ ਦੀ ਪੇਸ਼ਕਸ਼ ਕੀਤੀ ਗਈ, ਪਰ ਸ਼ਰਤ ਰੱਖੀ ਕਿ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਵੇਗਾ। ਇਸ ਕਾਰਨ ਹੁਣ ਮੀਟਿੰਗ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿੱਚ ਹੋਵੇਗੀ।
ਨਵੀਂ ਪਾਰਟੀ ਅਸਲੀ ਅਕਾਲੀ ਦਲ ਵਜੋਂ ਪੇਸ਼ ਹੋਵੇਗੀ
ਦੱਸਣਯੋਗ ਹੈ ਕਿ ਨਵੀਂ ਬਣ ਰਹੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਨੂੰ ਅਪਣਾਏਗੀ ਅਤੇ ਚੋਣ ਕਮਿਸ਼ਨ ਅੱਗੇ ਆਪਣੇ ਆਪ ਨੂੰ ਅਸਲੀ ਅਕਾਲੀ ਦਲ ਵਜੋਂ ਦਰਜ ਕਰਵਾਉਣ ਦੀ ਯੋਜਨਾ ਹੈ। ਇਸ ਨਾਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿੱਧੀ ਰਾਜਨੀਤਿਕ ਚੁਣੌਤੀ ਮਿਲੇਗੀ। ਸਿਆਸੀ ਜਾਣਕਾਰਾਂ ਅਨੁਸਾਰ, ਇਹ ਕਦਮ ਸੁਖਬੀਰ ਬਾਦਲ ਦੇ ਰਾਜਨੀਤਿਕ ਭਵਿੱਖ ‘ਤੇ ਵੀ ਡੂੰਘਾ ਪ੍ਰਭਾਵ ਛੱਡ ਸਕਦਾ ਹੈ ਅਤੇ ਪੰਜਾਬ ਦੀ ਪੰਥਕ ਰਾਜਨੀਤੀ ਵਿੱਚ ਨਵੇਂ ਸੰਗਠਨਾਤਮਕ ਸਮੀਕਰਨ ਪੈਦਾ ਕਰ ਸਕਦਾ ਹੈ।