ਚੰਡੀਗੜ੍ਹ :- ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੇ ਇਕ ਵਫ਼ਦ ਨੇ ਐਤਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਦੇ ਗੰਭੀਰ ਹਾਲਾਤਾਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਡਗਮਗਾ ਚੁੱਕੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ
ਭਾਜਪਾ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਕਤਲ, ਲੁੱਟ ਅਤੇ ਫਿਰੌਤੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਡੀਜੀਪੀ ਅਤੇ ਗ੍ਰਹਿ ਮੰਤਰੀ ਨੂੰ ਤਲਬ ਕਰਕੇ ਇਹ ਪੁੱਛਿਆ ਜਾਵੇ ਕਿ ਅਪਰਾਧ ’ਤੇ ਕਾਬੂ ਪਾਉਣ ਲਈ ਹਕੀਕਤੀ ਪੱਧਰ ’ਤੇ ਕਿਹੜੇ ਕਦਮ ਚੁੱਕੇ ਗਏ ਹਨ।
ਮੀਡੀਆ ਦਬਾਉਣ ਦੇ ਦੋਸ਼
ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਆਰੋਪ ਲਗਾਇਆ ਕਿ ਪੰਜਾਬ ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਰੋਕਣ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਰਵੱਈਆ ਐਮਰਜੈਂਸੀ ਦੇ ਦੌਰ ਨਾਲੋਂ ਵੀ ਵੱਧ ਸਖ਼ਤ ਦਿੱਖ ਰਿਹਾ ਹੈ, ਜੋ ਲੋਕਤੰਤਰਕ ਪ੍ਰਣਾਲੀ ਲਈ ਖ਼ਤਰੇ ਦੀ ਘੰਟੀ ਹੈ।
ਨਸ਼ਿਆਂ ’ਤੇ ਸਰਕਾਰ ਨੂੰ ਘੇਰਿਆ
ਕੇਵਲ ਢਿੱਲੋਂ ਨੇ ਨਸ਼ਿਆਂ ਦੇ ਮਸਲੇ ’ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੁਧਿਆਣਾ ਦੇ ਪਿੰਡ ਸ਼ੇਰੇਵਾਲ ਵਿੱਚ ਨਸ਼ੇ ਕਾਰਨ ਇਕ ਮਾਂ ਨੇ ਆਪਣਾ ਛੇਵਾਂ ਪੁੱਤਰ ਵੀ ਗੁਆ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਮੁਕਤੀ ਸਬੰਧੀ ਸਰਕਾਰੀ ਐਲਾਨ ਜ਼ਮੀਨੀ ਪੱਧਰ ’ਤੇ ਨਾਕਾਮ ਸਾਬਤ ਹੋ ਰਹੇ ਹਨ।
ਪ੍ਰਸ਼ਾਸਨ ਦੇ ਦੁਰਪਯੋਗ ਦੇ ਆਰੋਪ
ਭਾਜਪਾ ਵਫ਼ਦ ਨੇ ਆਤਿਸ਼ੀ ਦੇ ਵੀਡੀਓ ਮਾਮਲੇ ’ਚ ਸਰਕਾਰ ਵੱਲੋਂ ਕੀਤੀ ਕਾਰਵਾਈ ਨੂੰ ਗਲਤ ਦੱਸਦਿਆਂ ਕਿਹਾ ਕਿ ਪ੍ਰਸ਼ਾਸਨ ਨੂੰ ਸਿਆਸੀ ਬਦਲੇ ਲਈ ਵਰਤਿਆ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਸਭ ਕੁਝ ਦਿੱਲੀ ਤੋਂ ਆ ਰਹੇ ਦਬਾਅ ਹੇਠ ਕੀਤਾ ਜਾ ਰਿਹਾ ਹੈ।
ਸੁਨੀਲ ਜਾਖੜ ਮੀਟਿੰਗ ’ਚ ਨਹੀਂ ਹੋ ਸਕੇ ਸ਼ਾਮਲ
ਇਹ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਹੋਣੀ ਸੀ, ਪਰ ਸਿਹਤ ਖ਼ਰਾਬ ਹੋਣ ਕਾਰਨ ਉਹ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੋਣ ਕਰਕੇ ਹਾਜ਼ਰ ਨਹੀਂ ਹੋ ਸਕੇ। ਇਸੇ ਤਰ੍ਹਾਂ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮਲੇਰਕੋਟਲਾ ਵਿੱਚ ਇਕ ਰੈਲੀ ਕਾਰਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।
ਭਾਜਪਾ ਆਗੂਆਂ ਨੇ ਅੰਤ ਵਿੱਚ ਕਿਹਾ ਕਿ ਜੇਕਰ ਸੂਬੇ ਦੀਆਂ ਸੰਸਥਾਵਾਂ ਦੀ ਇਸ ਤਰ੍ਹਾਂ ਦੁਰਵਰਤੋਂ ਜਾਰੀ ਰਹੀ ਤਾਂ ਪੰਜਾਬ ਦੇ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ।

