ਪਟਿਆਲਾ :- ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਈ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ। ਧਮਕੀ ਵਿੱਚ ਕਿਹਾ ਗਿਆ ਸੀ ਕਿ ਪਟਿਆਲਾ ਦੇ ਸਕੂਲਾਂ ਅਤੇ ਫਿਰੋਜ਼ਪੁਰ ਦੀਆਂ ਟ੍ਰੇਨਾਂ ਵਿੱਚ ਸੁਸਾਇਡ ਬੰਬ ਹਮਲਾ ਕੀਤਾ ਜਾ ਸਕਦਾ ਹੈ।
ਜਾਣਕਾਰੀ ਮਿਲਦੇ ਹੀ ਪੁਲਿਸ ਦੇ ਕਈ ਦਸਤਿਆਂ ਸਮੇਤ ਬੰਬ ਨਿਰੋਧਕ ਦਸਤਾ ਤੁਰੰਤ ਮੌਕੇ ‘ਤੇ ਪਹੁੰਚ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਪਰਿਸਰ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਇਲਾਕੇ ਨੂੰ ਘੇਰਾਬੰਦੀ ਕਰਕੇ ਕੜੀ ਨਿਗਰਾਨੀ ਹੇਠ ਰੱਖਿਆ ਗਿਆ।
ਮੁੱਢਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰੀ ਈਮੇਲ ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਂ ‘ਤੇ ਭੇਜੀ ਗਈ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਖੰਗਾਲਿਆ ਜਾ ਰਿਹਾ ਹੈ।

