ਅੰਮ੍ਰਿਤਸਰ :- ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ।
ਪਰੇਡ ’ਚ ਪੁਲਿਸ ਤੇ ਐੱਨ.ਸੀ.ਸੀ. ਦੀਆਂ ਟੁਕੜੀਆਂ ਨੇ ਲਿਆ ਹਿੱਸਾ
ਤਿਰੰਗਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ, ਪੰਜਾਬ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ ਅਤੇ ਐੱਨ.ਸੀ.ਸੀ. ਕੈਡਿਟਾਂ ਦੀਆਂ ਟੁਕੜੀਆਂ ਨੇ ਮਾਰਚ ਪਾਸਟ ਕਰਦਿਆਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਅਤੇ ਬੈਂਡ ਟੀਮਾਂ ਵੱਲੋਂ ਵੀ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ।
ਅੰਮ੍ਰਿਤਸਰ ’ਚ ਡਿਊਟੀ ਮਿਲਣਾ ਮਾਣ ਵਾਲੀ ਗੱਲ : ਅਮਨ ਅਰੋੜਾ
ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਪਾਵਨ ਧਰਤੀ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਵਾਸੀਆਂ ਅਤੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਨਾਲ ਜੁੜੀ ਇਸ ਪਵਿੱਤਰ ਧਰਤੀ ਨੂੰ ਸਿਜਦਾ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਸਮੁੱਚੇ ਦੇਸ਼ ਵਾਸੀਆਂ ਅਤੇ ਪੰਜਾਬੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਸਾਰਿਆਂ ਨੂੰ ਪੰਜਾਬ ਦੀ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
‘ਰੰਗਲਾ ਪੰਜਾਬ’ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ
ਅਮਨ ਅਰੋੜਾ ਨੇ ਕਿਹਾ ਕਿ ਸੂਬੇ ਨੂੰ ਮੁੜ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਇਹ ਧਰਤੀ ਹਮੇਸ਼ਾ ਹੱਸਦੀ-ਵੱਸਦੀ ਰਹੇ।
ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਇਸੇ ਟੀਚੇ ਨੂੰ ਮੁੱਖ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਲਈ ਸਾਫ਼ ਨੀਅਤ ਅਤੇ ਨੀਤੀ ਨਾਲ ਕੰਮ ਕੀਤਾ ਜਾਂਦਾ ਹੈ ਤਾਂ ਲੋਕਾਂ ਦਾ ਮਾਣ-ਸਨਮਾਨ ਅਤੇ ਆਸ਼ੀਰਵਾਦ ਵੀ ਮਿਲਦਾ ਹੈ।
ਪ੍ਰਾਪਤੀਆਂ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲੀ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ।
ਇਸ ਮੌਕੇ ਗੁਰੂ ਨਾਨਕ ਸਟੇਡੀਅਮ ਵਿੱਚ ਤਿਰੰਗੇ ਦੇ ਰੰਗਾਂ ਨਾਲ ਸਜਿਆ ਮਾਹੌਲ ਅਤੇ ਦੇਸ਼ਭਗਤੀ ਦਾ ਜਜ਼ਬਾ ਦੇਖਣ ਨੂੰ ਮਿਲਿਆ।

