ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਚੱਲ ਰਹੇ ਫ਼ਸਲ ਖਰੀਦ ਕਾਰਜਾਂ ਦਾ ਵਿਸ਼ਲੇਸ਼ਣ ਕੀਤਾਂ। ਉਨ੍ਹਾਂ ਕਿਸਾਨਾਂ ਨੂੰ ਯਕੀਨ ਦਵਾਇਆ ਕਿ ਪਿਛਲੇ ਤਿੰਨ ਸਾਲਾਂ ਵਾਂਗ ਇਸ ਸਾਲ ਵੀ ਸਰਕਾਰ ਫਸਲ ਖਰੀਦ ਵਿੱਚ ਪੂਰੀ ਤਰ੍ਹਾਂ ਸੁਚਾਰੂ ਤੇ ਸਮਾਂਬੱਧ ਪ੍ਰਕਿਰਿਆ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਝੋਨੇ ਦੀ ਖਰੀਦ ਤੇ ਚੁਕਾਈ ਲਈ ਪ੍ਰਬੰਧ
ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ 15 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ ਅਤੇ 175 ਲੱਖ ਮੀਟਰਿਕ ਟਨ ਫਸਲ ਖਰੀਦਣ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਸੂਬਾਈ ਖਰੀਦ ਏਜੰਸੀਆਂ ਨੂੰ ਹਦਾਇਤ ਦਿੱਤੀ ਕਿ ਝੋਨੇ ਦੀ ਖਰੀਦ ਹਰ ਪੱਧਰ ਤੇ ਨਿਰਵਿਘਨ ਹੋਵੇ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਮਿਲੇ।
ਉਨ੍ਹਾਂ ਨੇ ਮੰਡੀਆਂ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਵਿਭਾਗ ਨਾਲ ਤਿਆਰੀਆਂ ਦੇ ਬਾਰੇ ਜਾਣੂ ਕਰਵਾਇਆ। ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਤਾਂ ਕਿ ਕੋਈ ਦੇਰੀ ਨਾ ਹੋਵੇ।
ਮੁੱਖ ਮੰਤਰੀ ਦਾ ਵਚਨ ਤੇ ਨਿਗਰਾਨੀ
ਭਗਵੰਤ ਮਾਨ ਨੇ ਆਪਣੀ ਨਿੱਜੀ ਨਿਗਰਾਨੀ ਦਾ ਇਜਹਾਰ ਕਰਦੇ ਹੋਏ ਕਿਹਾ ਕਿ ਉਹ ਖਰੀਦ ਕਾਰਜਾਂ ਦੀ ਪੂਰੀ ਤਰ੍ਹਾਂ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਫਸਲ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮੇਂਬੱਧ ਬਣਾਉਣ ਲਈ ਕਈ ਮਿਸਾਲੀ ਕਦਮ ਚੁੱਕੇ ਹਨ। ਮੰਤਰੀ ਨੇ ਹਰੇਕ ਪੱਧਰ ਤੇ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡਣ ਦਾ ਭਰੋਸਾ ਦਿੱਤਾ।