ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਵਿੱਚ ਆਏ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਹਾਲਾਂਕਿ ਮੁੱਖ ਮੰਤਰੀ ਅੱਜ ਹੀ ਹਸਪਤਾਲ ਤੋਂ ਛੁੱਟੀ ਹੋਏ ਹਨ, ਪਰ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੇ ਇਹ ਮਹੱਤਵਪੂਰਨ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ।
ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ। ਇਸਦੇ ਨਾਲ ਹੀ ਸੂਬਾ ਸਰਕਾਰ ਦੇ ਸੈਕਟਰੀ ਅਤੇ ਚੀਫ਼ ਸੈਕਟਰੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚ ਕੇ ਮੀਟਿੰਗ ਵਿੱਚ ਹਿੱਸਾ ਲੈਣਗੇ।
ਸਰਕਾਰੀ ਬਿਆਨ ਮੁਤਾਬਕ, ਇਸ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਉਨ੍ਹਾਂ ਲਈ ਮੁਆਵਜ਼ੇ ਦੀ ਯੋਜਨਾ ਅਤੇ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਲਾਗੂ ਕੀਤੇ ਜਾਣ ਵਾਲੇ ਠੋਸ ਕਦਮਾਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਸਰਕਾਰ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਅਤੇ ਇਸ ਸੰਕਟਮਈ ਸਥਿਤੀ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਛੱਡੀ ਜਾਵੇਗੀ।