ਚੰਡੀਗੜ੍ਹ :- ਮਹਿੰਗਾਈ ਭੱਤੇ (ਡੀਏ) ਦੇ ਬਕਾਏ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ 27 ਅਗਸਤ ਨੂੰ ਮੀਟਿੰਗ ਕਰਨਗੇ। ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਵੇਗੀ। ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਗਿਆ ਹੈ।
ਮੀਟਿੰਗ ’ਚ 10 ਨੁਮਾਇੰਦੇ ਹੀ ਹੋਣਗੇ ਸ਼ਾਮਲ
ਮਿਲੀ ਜਾਣਕਾਰੀ ਅਨੁਸਾਰ ਹਰੇਕ ਮੁਲਾਜ਼ਮ ਜਥੇਬੰਦੀ ਵੱਲੋਂ ਵੱਧ ਤੋਂ ਵੱਧ 10 ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋ ਸਕਣਗੇ। ਸਰਕਾਰ ਵੱਲੋਂ ਇਹ ਕਦਮ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਬਾਅਦ ਚੁੱਕਿਆ ਗਿਆ ਹੈ।
ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਪੁੱਜੇ ਸਨ ਮੁਲਾਜ਼ਮ
ਸ਼ੁੱਕਰਵਾਰ ਨੂੰ ਸੈਂਕੜੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਪਹੁੰਚੇ ਅਤੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਮੁਲਾਜ਼ਮ ਜਥੇਬੰਦੀਆਂ ਨੇ ਡੀਏ ਦੇ ਲੰਬਿਤ ਬਕਾਏ ਜਾਰੀ ਕਰਨ ਤੋਂ ਇਲਾਵਾ ਆਪਣੀਆਂ ਹੋਰ ਮੰਗਾਂ ਵੀ ਸਰਕਾਰ ਸਾਹਮਣੇ ਰੱਖੀਆਂ।
ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਸਨ।
ਲੰਮੇ ਸਮੇਂ ਤੋਂ ਡੀਏ ਦੇ ਬਕਾਏ ਦੀ ਉਡੀਕ
ਮੁਲਾਜ਼ਮ ਜਥੇਬੰਦੀਆਂ ਲੰਮੇ ਸਮੇਂ ਤੋਂ ਮਹਿੰਗਾਈ ਭੱਤੇ ਦੇ ਬਕਾਏ ਦੀ ਅਦਾਇਗੀ ਦੀ ਮੰਗ ਕਰ ਰਹੀਆਂ ਹਨ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਮਹਿੰਗਾਈ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਬਕਾਇਆ ਡੀਏ ਜਾਰੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਹ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ।
27 ਅਗਸਤ ਦੀ ਬੈਠਕ ’ਤੇ ਟਿਕੀਆਂ ਮੁਲਾਜ਼ਮਾਂ ਦੀਆਂ ਨਜ਼ਰਾਂ
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਇਸ ਮੀਟਿੰਗ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਅਹਿਮ ਮੰਨਿਆ ਜਾ ਰਿਹਾ ਹੈ। ਬੈਠਕ ਦੌਰਾਨ ਡੀਏ ਦੇ ਬਕਾਏ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ’ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਹੁਣ ਮੁਲਾਜ਼ਮ ਆਗੂਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ਸਰਕਾਰ ਵੱਲੋਂ 27 ਅਗਸਤ ਦੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਬਾਰੇ ਕੀ ਫ਼ੈਸਲਾ ਲਿਆ ਜਾਂਦਾ ਹੈ।

