ਚੰਡੀਗੜ੍ਹ :- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 8 ਸਤੰਬਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ ’ਤੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਨਿਰਣਾਇਕ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਖ਼ੁਦ ਇਸ ਮੀਟਿੰਗ ਦੀ ਅਗਵਾਈ ਕਰਨਗੇ।
ਹੜ੍ਹ ਸੰਕਟ ਕਾਰਨ ਖਾਸ ਮਹੱਤਤਾ
ਸੂਤਰਾਂ ਅਨੁਸਾਰ, ਇਹ ਬੈਠਕ ਸੂਬੇ ਦੀ ਮੌਜੂਦਾ ਸਥਿਤੀ ਅਤੇ ਹੜ੍ਹਾਂ ਨਾਲ ਪੈਦਾ ਹੋਈਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਚਰਚਾ ਹੈ ਕਿ ਸਰਕਾਰ ਮਾਈਨਿੰਗ ਨੀਤੀ ਵਿੱਚ ਤਬਦੀਲੀ ਕਰਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਭਰੀ ਰੇਤ ਵੇਚਣ ਦਾ ਹੱਕ ਦੇ ਸਕਦੀ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਸੀਐਮ ਮਾਨ ਦੀ ਹਾਜ਼ਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਵੇਲੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਵਿੱਚ ਸ਼ਿਰਕਤ ਕਰਨਗੇ। ਪਿਛਲੇ ਸ਼ੁੱਕਰਵਾਰ ਨੂੰ ਸਿਹਤ ਵਿਗੜਨ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ।
ਹੜ੍ਹ ਨਾਲ ਜੁੜੀ ਹਾਲਤ ਚਿੰਤਾਜਨਕ
ਪੰਜਾਬ ਦੇ 23 ਜ਼ਿਲ੍ਹਿਆਂ ਦੇ 1996 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ, ਜਦਕਿ 3,87,013 ਲੋਕਾਂ ਨੂੰ ਸਿੱਧਾ ਪ੍ਰਭਾਵ ਝੱਲਣਾ ਪਿਆ ਹੈ। ਹੁਣ ਤੱਕ 46 ਲੋਕਾਂ ਦੀ ਜਾਨ ਗਈ ਹੈ ਅਤੇ ਪਠਾਨਕੋਟ ਦੇ ਤਿੰਨ ਨਿਵਾਸੀ ਹਜੇ ਵੀ ਲਾਪਤਾ ਹਨ।
ਸੀਐਮ ਮਾਨ ਦੀ ਸਿਹਤ ਵਿੱਚ ਸੁਧਾਰ
ਸੀਐਮ ਮਾਨ ਨੂੰ ਸ਼ੁੱਕਰਵਾਰ ਸ਼ਾਮ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਸੀ। ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਰਹਿਨੁਮਾਈ ਵਿੱਚ ਰਾਹਤ ਕਾਰਜ ਤੇਜ਼ ਕਰਨ ਬਾਰੇ ਅੱਜ ਦੀ ਮੀਟਿੰਗ ਵਿੱਚ ਵਿਚਾਰਿਆ ਜਾ ਸਕਦਾ ਹੈ।