ਅਜਨਾਲਾ :- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਕਥਿਤ ਧੱਕੇਸ਼ਾਹੀ ਅਤੇ ਦਬਾਅ ਦੇ ਮਾਹੌਲ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਅਜਨਾਲਾ ਹਲਕੇ ਵਿੱਚ ਪੂਰੀ ਚੋਣ ਪ੍ਰਕਿਰਿਆ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਅਜਨਾਲਾ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਰਕਾਰ ਵਿਰੁੱਧ ਤੀਖੇ ਬੋਲ ਬੋਲੇ ਤੇ ਕਈ ਗੰਭੀਰ ਆਰੋਪ ਲਗਾਏ।
ਹਰਪ੍ਰਤਾਪ ਸਿੰਘ ਅਜਨਾਲਾ ਦੇ ਤਿੱਖੇ ਦੋਸ਼—“ਲੋਕਤੰਤਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ”
ਸਾਬਕਾ ਵਿਧਾਇਕ ਨੇ ਕਿਹਾ ਕਿ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਉਮੀਦਵਾਰਾਂ ਨੂੰ ਟਾਰਗੇਟ ਕਰਕੇ ਦਬਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਰਾਜਪੱਧਰ ’ਤੇ ਧੱਕੇਸ਼ਾਹੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਪਾਰਟੀ ਲੋਕਤੰਤਰ ਦੀ ਰੱਖਿਆ ਲਈ ਹੋਰ ਤਿੱਖਾ ਆੰਦੋਲਨ ਖੜਾ ਕਰੇਗੀ।
ਕਾਂਗਰਸ MLA ਖ਼ਿਲਾਫ਼ ‘ਝੂਠੀ FIR’ ਦਰਜ ਕਰਨ ਦਾ ਆਰੋਪ
ਹਰਪ੍ਰਤਾਪ ਸਿੰਘ ਅਜਨਾਲਾ ਨੇ ਦੋਸ਼ ਲਗਾਇਆ ਕਿ ਰਾਜਾਸਾਂਸੀ ਤੋਂ ਕਾਂਗਰਸ MLA ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕਮਜ਼ੋਰ ਕਰਨ ਲਈ ਉਨ੍ਹਾਂ ਖ਼ਿਲਾਫ਼ ਜਾਣ-ਬੁੱਝ ਕੇ ਝੂਠੀ ਐਫਆਈਆਰ ਦਰਜ ਕਰਵਾਈ ਗਈ ਹੈ। ਉਨ੍ਹਾਂ ਦੱਲੀਲ ਦਿੱਤੀ ਕਿ ਸਰਕਾਰ ਚਾਹੁੰਦੀ ਹੈ ਕਿ ਕਾਂਗਰਸ ਦੇ ਤਾਕਤਵਰ ਚਿਹਰੇ ਚੋਣ ਮੈਦਾਨ ਤੋਂ ਦੂਰ ਰਹਿਣ।
“ਜਿੱਤਦੇ ਉਮੀਦਵਾਰਾਂ ਦੀ ਨਾਮਜ਼ਦਗੀ ਰੱਦ ਕਰਵਾਈ ਗਈ”—ਅਜਨਾਲਾ ਦਾ ਦਾਅਵਾ
ਅਜਨਾਲਾ ਨੇ ਕਿਹਾ ਕਿ ਅਜਨਾਲਾ ਅਤੇ ਨਜ਼ਦੀਕੀ ਪਿੰਡਾਂ ਵਿੱਚ ਉਹ ਕਾਂਗਰਸ ਉਮੀਦਵਾਰ, ਜੋ ਜਿੱਤ ਵਾਲੀ ਪੁੱਜ ਵਿੱਚ ਸਨ, ਉਨ੍ਹਾਂ ਦੇ ਨਾਮਜ਼ਦਗੀ ਪੱਤਰ ਬਿਨਾ ਕਾਰਨ ਰੱਦ ਕਰਵਾ ਦਿੱਤੇ ਗਏ। ਉਨ੍ਹਾਂ ਇਸਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੱਤਾ।
ਚੋਣ ਕਮਿਸ਼ਨ ਨੂੰ ਸਖ਼ਤ ਕਾਰਵਾਈ ਦੀ ਮੰਗ
ਸਾਬਕਾ ਵਿਧਾਇਕ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਇਹਨਾਂ ਦੋਸ਼ਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਪੂਰੀ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਕਾਂਗਰਸ ਸਾਫ਼-ਸੁਥਰੀ ਚੋਣਾਂ ਤੋਂ ਕਦੇ ਪਿੱਛੇ ਨਹੀਂ ਹਟਦੀ, ਪਰ ਧੱਕੇਸ਼ਾਹੀ ਦੇ ਮਾਹੌਲ ਵਿੱਚ ਚੁੱਪ ਰਹਿਣਾ ਸੰਭਵ ਨਹੀਂ।

