ਚੰਡੀਗੜ੍ਹ :- ਪੰਜਾਬ ਯੂਨੀਵਰਸਿਟੀ ਵਿੱਚ ਇੱਕ ਵਾਰ ਫਿਰ ਭਾਸ਼ਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੋਮਵਾਰ ਨੂੰ ਵਿਦਿਆਰਥੀ ਜਥੇਬੰਦੀ “ਸੱਥ” ਦੇ ਮੈਂਬਰਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੈਂਪਸ ਵਿੱਚ ਲਗਾਈਆਂ ਨਵੀਆਂ ਨੇਮ ਪਲੇਟਾਂ ‘ਤੇ ਕਾਲਾ ਰੰਗ ਕਰ ਦਿੱਤਾ। ਵਿਦਿਆਰਥੀਆਂ ਦਾ ਦੋਸ਼ ਸੀ ਕਿ ਇਨ੍ਹਾਂ ਨੇਮ ਪਲੇਟਾਂ ਵਿੱਚ ਪੰਜਾਬੀ ਭਾਸ਼ਾ ਨੂੰ ਜਗ੍ਹਾ ਨਹੀਂ ਦਿੱਤੀ ਗਈ।
ਪੰਜਾਬੀ ਨੂੰ ਪਹਿਲਾ ਸਥਾਨ ਦੇਣ ਦੀ ਮੰਗ
ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਗਈ ਸੀ ਕਿ ਕੈਂਪਸ ਅੰਦਰ ਲੱਗਣ ਵਾਲੀਆਂ ਸਾਰੀਆਂ ਨੇਮ ਪਲੇਟਾਂ ਅਤੇ ਸੂਚਨਾ ਬੋਰਡਾਂ ‘ਤੇ ਪੰਜਾਬੀ ਨੂੰ ਪਹਿਲੀ ਤਰਜੀਹ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਨਾਮ ‘ਤੇ ਚੱਲ ਰਹੀ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਨਾ ਠੀਕ ਨਹੀਂ।
ਦੋ ਦਿਨਾਂ ਦਾ ਸਮਾਂ ਦੇਣ ਮਗਰੋਂ ਕੀਤਾ ਪ੍ਰਦਰਸ਼ਨ
ਜਥੇਬੰਦੀ ਮੁਤਾਬਕ ਪ੍ਰਸ਼ਾਸਨ ਨੂੰ ਮਾਮਲਾ ਸੁਲਝਾਉਣ ਲਈ ਦੋ ਦਿਨਾਂ ਦਾ ਸਮਾਂ ਵੀ ਦਿੱਤਾ ਗਿਆ ਸੀ। ਪਰ ਕੋਈ ਕਾਰਵਾਈ ਨਾ ਹੋਣ ਕਾਰਨ ਵਿਦਿਆਰਥੀਆਂ ਨੇ ਵਿਰੋਧ ਵਜੋਂ ਨੇਮ ਪਲੇਟਾਂ ‘ਤੇ ਕਾਲਾ ਰੰਗ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ।
ਪੰਜਾਬੀ ਸੱਭਿਆਚਾਰ ਨਾਲ ਜੁੜਿਆ ਮਾਮਲਾ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਪੰਜਾਬ ਦੀ ਸੱਭਿਆਚਾਰਕ ਪਛਾਣ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬੀ ਨੂੰ ਲਗਾਤਾਰ ਪਾਸੇ ਧੱਕਿਆ ਜਾ ਰਿਹਾ ਹੈ, ਜਿਸਨੂੰ ਵਿਦਿਆਰਥੀ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ
ਵਿਦਿਆਰਥੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਧਾਇਆ ਜਾਵੇਗਾ। ਦੂਜੇ ਪਾਸੇ, ਇਸ ਮਾਮਲੇ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

