ਚੰਡੀਗੜ੍ਹ :- ਪੰਜਾਬ ਦੀ ਸਿਆਸਤ ਵਿੱਚ ਆਪਣੇ ਲੰਮੇ ਤਜਰਬੇ ਦਾ ਹਵਾਲਾ ਦਿੰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਛੱਡਣ ਦੀਆਂ ਚਰਚਾਵਾਂ ਨੂੰ ਸਪੱਸ਼ਟ ਤੌਰ ਤੇ ਨਕਾਰਦਿਆਂ ਕਿਹਾ ਹੈ ਕਿ ਪੰਜਾਬ ਦੇ ਹਾਲਾਤਾਂ ਬਾਰੇ ਪਾਰਟੀ ਲੀਡਰਸ਼ਿਪ ਸਾਹਮਣੇ ਆਪਣੇ ਵਿਚਾਰ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਦੀ ਜ਼ਮੀਨੀ ਸਥਿਤੀ ਬਾਰੇ ਜਾਣੂ ਕਰਵਾਉਣ ਦਾ ਇਹ ਮਤਲਬ ਨਹੀਂ ਕਿ ਉਹ ਪਾਰਟੀ ਤੋਂ ਵੱਖ ਹੋ ਰਹੇ ਹਨ।
ਪੰਜਾਬ ਦੀ ਸਿਆਸਤ ਦਾ ਲੰਮਾ ਤਜਰਬਾ ਹੋਣ ਦਾ ਦਿੱਤਾ ਹਵਾਲਾ
ਮਰਹੂਮ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੀ ਜ਼ਿੰਦਗੀ ‘ਤੇ ਆਧਾਰਿਤ ਪੁਸਤਕ ‘ਬਿਸ਼ਨ ਵਿਦ ਲਵ’ ਦੇ ਰਿਲੀਜ਼ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਉਹ ਕਰੀਬ 60 ਸਾਲਾਂ ਤੋਂ ਪੰਜਾਬ ਦੀ ਸਿਆਸਤ ਨਾਲ ਜੁੜੇ ਹੋਏ ਹਨ। ਉਨ੍ਹਾਂ ਮੁਤਾਬਕ ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀ ਸਿਆਸਤ ਵਿੱਚ ਕਈ ਤਰ੍ਹਾਂ ਦੇ ਉਤਾਰ-ਚੜ੍ਹਾਅ ਦੇਖੇ ਹਨ।
ਪੰਜਾਬ ਦੇ ਮਾਮਲਿਆਂ ‘ਤੇ ਸਲਾਹ ਨਾ ਲਏ ਜਾਣ ਦਾ ਗਿਲਾ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨਾਲ ਜੁੜੇ ਮਾਮਲਿਆਂ ਅਤੇ ਪਾਰਟੀ ਦੀ ਰਣਨੀਤੀ ਬਾਰੇ ਉਨ੍ਹਾਂ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਕੋਲ ਪੰਜਾਬ ਬਾਰੇ ਕੋਈ ਵਿਚਾਰ ਜਾਂ ਸੁਝਾਅ ਹੈ ਤਾਂ ਉਸ ਨੂੰ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਉਣਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈ।
ਅਕਾਲੀ ਦਲ ਨਾਲ ਗਠਜੋੜ ਦੀ ਕਰਦੇ ਰਹੇ ਹਨ ਵਕਾਲਤ
ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਸਿਆਸੀ ਗਠਜੋੜ ਦੀ ਵਕਾਲਤ ਕਰਦੇ ਰਹੇ ਹਨ। ਹਾਲਾਂਕਿ, ਭਾਜਪਾ ਵੱਲੋਂ ਹਾਲ ਹੀ ਵਿੱਚ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦੀ ਗੱਲ ਵੀ ਸਾਹਮਣੇ ਆ ਚੁੱਕੀ ਹੈ।
ਕਾਂਗਰਸ ‘ਚ ਵਾਪਸੀ ਦੀਆਂ ਚਰਚਾਵਾਂ ਨੂੰ ਵੀ ਨਹੀਂ ਜੋੜਿਆ ਪਾਰਟੀ ਬਦਲਣ ਨਾਲ
ਆਪਣੇ ਸਿਆਸੀ ਸਫ਼ਰ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਵਿੱਚ ਸਿਆਸੀ ਪਾਰਟੀ ਬਦਲੀ ਹੈ, ਪਰ ਇਸ ਦਾ ਇਹ ਅਰਥ ਨਹੀਂ ਕੱਢਿਆ ਜਾਣਾ ਚਾਹੀਦਾ ਕਿ ਉਹ ਹੁਣ ਭਾਜਪਾ ਛੱਡਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਉਨ੍ਹਾਂ ਦਾ ਭਾਜਪਾ ਛੱਡਣ ਦਾ ਕੋਈ ਐਲਾਨ ਨਹੀਂ ਹੈ।
84 ਸਾਲ ਦੀ ਉਮਰ ਦੇ ਬਾਵਜੂਦ ਸਿਆਸਤ ਵਿੱਚ ਸਰਗਰਮੀ ਦੇ ਸੰਕੇਤ
ਆਪਣੇ ਸਿਆਸੀ ਭਵਿੱਖ ਬਾਰੇ ਪੁੱਛੇ ਸਵਾਲ ‘ਤੇ 84 ਸਾਲਾ ਕੈਪਟਨ ਅਮਰਿੰਦਰ ਸਿੰਘ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਕਿਹਾ ਕਿ ਉਹ ਅਜੇ ਬੁੱਢੇ ਨਹੀਂ ਹੋਏ। ਉਨ੍ਹਾਂ ਦੀਆਂ ਇਨ੍ਹਾਂ ਟਿੱਪਣੀਆਂ ਤੋਂ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਸਿਆਸੀ ਮਾਮਲਿਆਂ ‘ਤੇ ਆਪਣੀ ਸਰਗਰਮੀ ਜਾਰੀ ਰੱਖਣ ਦੇ ਸੰਕੇਤ ਮਿਲੇ ਹਨ।

