ਚੰਡੀਗੜ੍ਹ :- ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ’ਤੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਅਦਾਲਤ ਅੱਜ ਇਹ ਤੈਅ ਕਰੇਗੀ ਕਿ ਭੁੱਲਰ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ।
ਪਿਛਲੀ ਸੁਣਵਾਈ ’ਚ ਸੀਬੀਆਈ ਤੋਂ ਮੰਗਿਆ ਗਿਆ ਸੀ ਜਵਾਬ
ਪਿਛਲੀ ਪੇਸ਼ੀ ਦੌਰਾਨ ਅਦਾਲਤ ਨੇ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਨੂੰ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਇਸ ’ਤੇ ਸੀਬੀਆਈ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸਨੂੰ ਲਿਖਤੀ ਜਵਾਬ ਦਾਇਰ ਕਰਨ ਲਈ ਕੁਝ ਹੋਰ ਸਮਾਂ ਚਾਹੀਦਾ ਹੈ। ਅਦਾਲਤ ਵੱਲੋਂ ਇਹ ਬੇਨਤੀ ਮਨਜ਼ੂਰ ਕਰਦੇ ਹੋਏ ਸੁਣਵਾਈ ਦੀ ਅਗਲੀ ਤਾਰੀਖ 2 ਜਨਵਰੀ 2026 ਮੁਕਰਰ ਕੀਤੀ ਗਈ ਸੀ।
ਸੁਪਰੀਮ ਕੋਰਟ ਤੋਂ ਪਹਿਲਾਂ ਹੀ ਨਹੀਂ ਮਿਲੀ ਸੀ ਰਾਹਤ
ਗੌਰਤਲਬ ਹੈ ਕਿ ਇਸ ਮਾਮਲੇ ਵਿੱਚ ਭੁੱਲਰ ਪਹਿਲਾਂ ਵੀ ਉੱਚ ਅਦਾਲਤਾਂ ਦਾ ਰੁਖ ਕਰ ਚੁੱਕੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਤਰਿਮ ਰਾਹਤ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਭੁੱਲਰ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਹਾਲਾਂਕਿ 19 ਦਸੰਬਰ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਰਾਹਤ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਭੁੱਲਰ ਦੇ ਵਕੀਲ ਵੱਲੋਂ ਪਟੀਸ਼ਨ ਵਾਪਸ ਲੈ ਲਈ ਗਈ ਸੀ।
ਅਦਾਲਤੀ ਫੈਸਲੇ ’ਤੇ ਟਿਕੀਆਂ ਨਜ਼ਰਾਂ
ਹੁਣ ਸਾਰੀਆਂ ਨਜ਼ਰਾਂ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਦੇ ਅੱਜ ਦੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ, ਜੋ ਇਹ ਨਿਰਧਾਰਤ ਕਰੇਗਾ ਕਿ ਭ੍ਰਿਸ਼ਟਾਚਾਰ ਮਾਮਲੇ ’ਚ ਘਿਰੇ ਸਾਬਕਾ ਡੀਆਈਜੀ ਨੂੰ ਜ਼ਮਾਨਤ ਮਿਲਦੀ ਹੈ ਜਾਂ ਉਸਨੂੰ ਹਾਲੇ ਹੋਰ ਸਮਾਂ ਨਿਆਂਕ ਹਿਰਾਸਤ ਵਿੱਚ ਰਹਿਣਾ ਪਵੇਗਾ।

