ਮਾਨਸਾ :- ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ 5 ਸਤੰਬਰ ਨੂੰ ਬਠਿੰਡਾ ਵਿਖੇ ਹੋਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡਾਂ ਲਈ ਰਜਿਸਟਰੇਸ਼ਨ ਵਾਸਤੇ ‘ਕਿਊ.ਆਰ. ਕੋਡ’ ਜਾਰੀ ਕੀਤਾ।
ਕਿਊ.ਆਰ. ਕੋਡ ਸਕੈਨ ਕਰਕੇ ਕਰਵਾ ਸਕਣਗੇ ਰਜਿਸਟਰੇਸ਼ਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਜਾਰੀ ਕੀਤੇ ਗਏ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ।
ਬਲਾਕ ਤੋਂ ਰਾਜ ਪੱਧਰ ਤੱਕ ਹੋਣਗੇ ਮੁਕਾਬਲੇ
ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ-ਕਮ-ਐੱਸ.ਡੀ.ਐੱਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ ਵੀ ਮੌਜੂਦ ਸਨ।
ਵੱਧ ਤੋਂ ਵੱਧ ਖਿਡਾਰੀਆਂ ਨੂੰ ਜੋੜਨ ਦੀਆਂ ਹਦਾਇਤਾਂ
ਐੱਸ.ਡੀ.ਐੱਮ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਅਤੇ ਖਿਡਾਰੀਆਂ ਦੀ ਭਾਗੀਦਾਰੀ ਵਧਾਈ ਜਾ ਸਕੇ।
ਖੇਡ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਰਹੇ ਹਾਜ਼ਰ
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

