ਅੰਮ੍ਰਿਤਸਰ :- ਡਰੱਗਜ਼ ਮਾਮਲੇ ਵਿੱਚ SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਸੱਦੇ ਜਾਣ ਦਰਮਿਆਨ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਪੁੱਛਗਿੱਛ ਦੌਰਾਨ ਬਿਕਰਮ ਮਜੀਠੀਆ ਅਤੇ ਜਗਦੀਸ਼ ਭੋਲਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।
ਨਸ਼ੇ ਦੇ ਮਾਮਲੇ ’ਚ ਕਿਸੇ ਨੂੰ ਨਹੀਂ ਬਖ਼ਸ਼ਿਆ ਜਾਵੇਗਾ: ਧਾਲੀਵਾਲ
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਖ਼ਿਲਾਫ਼ ਲੜਾਈ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਡਰੱਗਜ਼ ਦੇ ਮਾਮਲੇ ਵਿੱਚ ਜੇਕਰ ਕੋਈ ਵਿਅਕਤੀ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਭਾਵੇਂ ਉਸ ਦਾ ਰੁਤਬਾ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ ਹਜ਼ਾਰਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਧਾਲੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਇਹ ਧਾਰਨਾ ਹੈ ਕਿ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਅਕਾਲੀ ਸਰਕਾਰ ਦੇ ਸਮੇਂ ਵਧੀ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।
ਅਮਿਤ ਸ਼ਾਹ ਦੇ ਬਿਆਨ ’ਤੇ ਵੀ ਧਾਲੀਵਾਲ ਨੇ ਚੁੱਕੇ ਸਵਾਲ
ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਕੀਤੀ ਗਈ ਗੱਲਬਾਤ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਗੁਜਰਾਤ ਰਾਹੀਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰਨ ਦੀ ਥਾਂ ਸਰਕਾਰਾਂ ਨੂੰ ਸਰਹੱਦ ਪਾਰੋਂ ਅਤੇ ਦੇਸ਼ ਦੇ ਅੰਦਰ ਹੋ ਰਹੀ ਨਸ਼ਿਆਂ ਦੀ ਤਸਕਰੀ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।
‘ਮਜੀਠੀਆ ਨੂੰ ਸਜ਼ਾ ਜ਼ਰੂਰ ਮਿਲੇਗੀ’
ਆਪ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੇ ਖ਼ਿਲਾਫ਼ ਸਰਕਾਰ ਦੀ ਮੁਹਿੰਮ ਦੇ ਨਾਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੇ ਹਨ ਅਤੇ ਪਾਰਟੀ ਕਿਸੇ ਦੇ ਖ਼ਿਲਾਫ਼ ਝੂਠੇ ਕੇਸ ਦਰਜ ਨਹੀਂ ਕਰਵਾਉਂਦੀ। ਮਜੀਠੀਆ ਦੇ ਮਾਮਲੇ ਬਾਰੇ ਧਾਲੀਵਾਲ ਨੇ ਕਿਹਾ ਕਿ ਜੇਕਰ ਉਹ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲੇਗੀ।

