ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਦਿੱਤੇ ਗਏ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਟਿੱਪਣੀ ਨੂੰ ਆਪ ਆਗੂਆਂ ਦੀ ਘਟੀਆ ਸੋਚ ਅਤੇ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ।
ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਣ ‘ਤੇ ਚਿੰਤਾ
ਧਾਮੀ ਨੇ ਕਿਹਾ ਕਿ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਗੰਭੀਰ ਢੰਗ ਨਾਲ ਠੇਸ ਪਹੁੰਚਾਉਂਦਾ ਹੈ, ਜਿਸਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਸੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਅਦਬੀ ਵਾਲੇ ਬਿਆਨ ਦੇਣ ਨਾਲ ਨਾ ਸਿਰਫ਼ ਗੁਰਬਾਣੀ ਦਾ ਅਪਮਾਨ ਹੁੰਦਾ ਹੈ, ਬਲਕਿ ਇਸ ਨਾਲ ਆਪ ਦੀ ਸੋਚ ਦਾ ਵੀ ਪਰਦਾਫਾਸ਼ ਹੁੰਦਾ ਹੈ।
ਮੈਂਬਰਸ਼ਿਪ ਰੱਦ ਕਰਨ ਦੀ ਮੰਗ
ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਵਿਧਾਨ ਸਭਾ ਵਿੱਚ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਇਸਦੇ ਨਾਲ-ਨਾਲ ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕੋਈ ਕਾਰਵਾਈ ਕਰਨਗੇ।