ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦਾ ਚੌਥਾ ਦਿਨ ਵੀਰਵਾਰ ਨੂੰ ਅਹਿਮ ਵਿਧਾਨਕ ਅਤੇ ਵਿੱਤੀ ਕੰਮਕਾਜ ਲਈ ਸਮਰਪਿਤ ਰਹੇਗਾ। ਸਦਨ ਦੀ ਕਾਰਵਾਈ ਦੌਰਾਨ ਸਰਕਾਰ ਕਈ ਮਹੱਤਵਪੂਰਨ ਰਿਪੋਰਟਾਂ, ਵਿੱਤੀ ਪ੍ਰਸਤਾਵਾਂ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲੇ ਸਦਨ ਦੇ ਵਿਚਾਰ ਲਈ ਪੇਸ਼ ਕਰੇਗੀ। ਦੂਜੇ ਪਾਸੇ ਵਿਰੋਧੀ ਧਿਰ ਵੱਲੋਂ ਪਹਿਲਾਂ ਹੀ ਕਈ ਜਨਤਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਚੁੱਕੀ ਹੈ, ਜਿਸ ਕਾਰਨ ਸਦਨ ਵਿੱਚ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪ੍ਰਸ਼ਨ ਕਾਲ ਤੋਂ ਬਾਅਦ ਹੋਵੇਗਾ ਅਹਿਮ ਕੰਮਕਾਜ
ਸਦਨ ਦੀ ਸ਼ੁਰੂਆਤ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਨਾਲ ਹੋਵੇਗੀ। ਇਸ ਤੋਂ ਬਾਅਦ ਸਰਕਾਰ ਵੱਲੋਂ ਵੱਖ-ਵੱਖ ਬਿੱਲਾਂ, ਪ੍ਰਸਤਾਵਾਂ ਅਤੇ ਸਾਲ 2026-27 ਦੀਆਂ ਗ੍ਰਾਂਟਾਂ ਨਾਲ ਸਬੰਧਤ ਮੰਗਾਂ ‘ਤੇ ਚਰਚਾ ਕਰਵਾਈ ਜਾਵੇਗੀ। ਸਰਕਾਰ ਦਾ ਧਿਆਨ ਤੈਅ ਵਿਧਾਨਕ ਕੰਮਕਾਜ ਨੂੰ ਅੱਗੇ ਵਧਾਉਣ ‘ਤੇ ਰਹੇਗਾ।
ਵਿੱਤ ਮੰਤਰੀ ਪੇਸ਼ ਕਰਨਗੇ ਕਮੇਟੀ ਦੀ ਰਿਪੋਰਟ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਦਨ ਵਿੱਚ ਸਾਲ 2026-27 ਲਈ ਪਬਲਿਕ ਅੰਡਰਟੇਕਿੰਗ ਕਮੇਟੀ ਦੀ 129ਵੀਂ ਰਿਪੋਰਟ ਪੇਸ਼ ਕਰਨਗੇ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਸਾਲ 2019-20 ਤੋਂ 2023-24 ਤੱਕ ਦੀਆਂ ਸਾਲਾਨਾ ਰਿਪੋਰਟਾਂ ਅਤੇ ਲੇਖਾ-ਜੋਖਾ ਵੀ ਸਦਨ ਦੇ ਪਟਲ ‘ਤੇ ਰੱਖਿਆ ਜਾਵੇਗਾ।
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਮਤਾ
ਕਾਰਵਾਈ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ੇਸ਼ ਮਤਾ ਵੀ ਪੇਸ਼ ਕੀਤਾ ਜਾਵੇਗਾ। ਇਸ ਰਾਹੀਂ ਤਿੰਨਾਂ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਦੇਸ਼ ਲਈ ਦਿੱਤੇ ਯੋਗਦਾਨ ਨਾਲ ਜੋੜਨ ‘ਤੇ ਜ਼ੋਰ ਦਿੱਤਾ ਜਾਵੇਗਾ।
ਖੇਤੀ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵੀ ਰਹੇਗਾ ਫੋਕਸ
ਅੱਜ ਦੇ ਏਜੰਡੇ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਨਾਲ ਸਬੰਧਤ ਕਈ ਮਹੱਤਵਪੂਰਨ ਵਿਸ਼ੇ ਵੀ ਸ਼ਾਮਲ ਹਨ। ਸਦਨ ਵਿੱਚ ਖੇਤੀ ਨੂੰ ਰਾਜ ਦਾ ਵਿਸ਼ਾ ਬਣਾਉਣ ਦੀ ਮੰਗ, ਕਿਸਾਨਾਂ ਦੀ ਆਮਦਨ ਵਧਾਉਣ ਲਈ ਕਦਮ, ਫਸਲੀ ਵਿਭਿੰਨਤਾ ਨੂੰ ਉਤਸ਼ਾਹ, ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਰਜਾ ਦੇਣ, ਖੇਤੀ ਖੋਜ ਨੂੰ ਮਜ਼ਬੂਤ ਕਰਨ ਅਤੇ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਸਬੰਧੀ ਪ੍ਰਸਤਾਵਾਂ ‘ਤੇ ਵਿਚਾਰ ਕੀਤਾ ਜਾਵੇਗਾ। ਸਰਕਾਰ ਇਨ੍ਹਾਂ ਮਸਲਿਆਂ ਨੂੰ ਕੇਂਦਰ ਸਰਕਾਰ ਅੱਗੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਰੱਖਣ ਦੀ ਕੋਸ਼ਿਸ਼ ਕਰੇਗੀ।
ਪਿਛਲੇ ਦਿਨ ਹੰਗਾਮੇ ਕਾਰਨ ਰੁਕੀ ਰਹੀ ਸੀ ਕਾਰਵਾਈ
ਸੈਸ਼ਨ ਦੇ ਤੀਜੇ ਦਿਨ ਜਗਤਜੋਤ ਸੋਧ ਬਿੱਲ-2026 ਨੂੰ ਲੈ ਕੇ ਸਦਨ ਵਿੱਚ ਵਿਰੋਧੀ ਧਿਰ ਨੇ ਤਿੱਖਾ ਵਿਰੋਧ ਕੀਤਾ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਬਾਹਰ ਕਾਂਗਰਸ ਅਤੇ ਏਬੀਵੀਪੀ ਵੱਲੋਂ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਸਕੱਤਰੇਤ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਮੁਲਾਜ਼ਮ ਜਥੇਬੰਦੀਆਂ ਨੇ ਵੀ ਆਪਣੀਆਂ ਮੰਗਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਸਥਿਤੀ ਕਈ ਵਾਰ ਤਣਾਅਪੂਰਨ ਬਣੀ, ਜਿਸ ਦੌਰਾਨ ਸਪੀਕਰ ਨੂੰ ਦਖ਼ਲ ਦੇਣਾ ਪਿਆ।
ਵਿਰੋਧੀ ਧਿਰ ਦੇ ਨਿਸ਼ਾਨੇ ਤੇ ਰਹੇਗੀ ਸਰਕਾਰ
ਵਿਰੋਧੀ ਧਿਰ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ, ਕਾਨੂੰਨ-ਵਿਵਸਥਾ, ਸੂਬੇ ਦੀ ਵਿੱਤੀ ਹਾਲਤ ਅਤੇ ਹੋਰ ਜਨਤਕ ਮੁੱਦਿਆਂ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗੇਗੀ। ਇਸ ਪਿਛੋਕੜ ਵਿੱਚ ਵੀਰਵਾਰ ਨੂੰ ਵੀ ਸਦਨ ਵਿੱਚ ਤਿੱਖੇ ਸਿਆਸੀ ਟਕਰਾਅ ਅਤੇ ਹੰਗਾਮੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜਿੱਥੇ ਸਰਕਾਰ ਆਪਣਾ ਵਿਧਾਨਕ ਏਜੰਡਾ ਪੂਰਾ ਕਰਨ ਦੀ ਕੋਸ਼ਿਸ਼ ਕਰੇਗੀ, ਉੱਥੇ ਵਿਰੋਧੀ ਧਿਰ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਨ ਦੀ ਰਣਨੀਤੀ ਨਾਲ ਮੈਦਾਨ ਵਿੱਚ ਉਤਰੇਗੀ।

