ਸਰਦੂਲਗੜ੍ਹ :- ਸਰਦੂਲਗੜ੍ਹ ਕਸਬੇ ਵਿੱਚ ਅੱਜ ਸਵੇਰੇ ਇੱਕ ਸੰਸਨੀਖੇਸ ਘਟਨਾ ਸਾਹਮਣੇ ਆਈ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਇੱਕ ਵਪਾਰੀ ਅਤੇ ਉਸਦੇ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਕਰੀਬ ਸਵੇਰੇ 10 ਵਜੇ ਉਨ੍ਹਾਂ ਦੇ ਫਾਰਮ ਹਾਊਸ ‘ਤੇ ਵਾਪਰੀ ਦੱਸੀ ਜਾ ਰਹੀ ਹੈ।
ਮ੍ਰਿਤਕਾਂ ਦੀ ਪਹਿਚਾਣ, ਇਲਾਕੇ ਵਿੱਚ ਸਨਸਨੀ
ਪੁਲਿਸ ਅਨੁਸਾਰ ਮਾਰੇ ਗਏ ਵਿਅਕਤੀਆਂ ਦੀ ਪਛਾਣ ਵਪਾਰੀ ਜਸਵੀਰ ਸਿੰਘ ਅਤੇ ਉਸਦੇ ਸਹਾਇਕ ਬਲਦੇਵ ਸਿੰਘ ਵਜੋਂ ਹੋਈ ਹੈ। ਦਿਨ ਦਿਹਾੜੇ ਹੋਈ ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਐਸਐਸਪੀ ਮੌਕੇ ‘ਤੇ, ਫ਼ੋਰੈਂਸਿਕ ਟੀਮ ਨੇ ਇਕੱਠੇ ਕੀਤੇ ਸਬੂਤ
ਘਟਨਾ ਦੀ ਸੂਚਨਾ ਮਿਲਦੇ ਹੀ ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਣਾ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਦੋਹਰਾ ਕਤਲ ਹੋਇਆ ਹੈ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਫ਼ੋਰੈਂਸਿਕ ਮਾਹਿਰਾਂ ਦੀ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਵੱਲੋਂ ਤੁਰੰਤ ਗ੍ਰਿਫ਼ਤਾਰੀ ਦੀ ਮੰਗ
ਮ੍ਰਿਤਕ ਜਸਵੀਰ ਸਿੰਘ ਦੇ ਚਾਚਾ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 10 ਵਜੇ ਘਟਨਾ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਜਾਂਚ ਜਾਰੀ
ਪੁਲਿਸ ਵੱਲੋਂ ਇਲਾਕੇ ਦੀ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਹਾਲੇ ਤੱਕ ਕਤਲ ਦੇ ਕਾਰਨਾਂ ਬਾਰੇ ਕੋਈ ਅਧਿਕਾਰਕ ਖੁਲਾਸਾ ਨਹੀਂ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਮਗਰੋਂ ਹੀ ਵਾਰਦਾਤ ਦੇ ਅਸਲ ਕਾਰਣ ਸਾਹਮਣੇ ਆ ਸਕਣਗੇ

