ਚੰਡੀਗੜ੍ਹ :- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਬਾਰਡਰ ਦੇ ਹੜ੍ਹ ਪੀੜਤ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਦੀ ਜਾਂਚ ਤੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਡੇਂਗੂ, ਮਲੇਰੀਆ ਤੋਂ ਬਚਾਅ ਲਈ ਖਾਸ ਪ੍ਰਬੰਧ
ਮੰਤਰੀ ਨੇ ਕਿਹਾ ਕਿ ਡੇਂਗੂ, ਮਲੇਰੀਆ ਅਤੇ ਹੋਰ ਖ਼ਤਰਨਾਕ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪਿੰਡਾਂ ਅਤੇ ਕਸਬਿਆਂ ਵਿੱਚ ਲਗਾਤਾਰ ਸਪਰੇਅ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਆਸ਼ਾ ਵਰਕਰ ਘਰ-ਘਰ ਜਾ ਕੇ ਲੋਕਾਂ ਦਾ ਮੁਆਇਨਾ ਕਰ ਰਹੇ ਹਨ ਅਤੇ ਉਹਨਾਂ ਨੂੰ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਐਮਰਜੈਂਸੀ ਸਹਾਇਤਾ ਲਈ ਹੈਲਪਲਾਈਨ
ਸਿਹਤ ਮੰਤਰੀ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸੱਪ ਦੇ ਡੰਗਣ ਦੀ ਸ਼ਿਕਾਇਤ ਹੁੰਦੀ ਹੈ, ਤਾਂ ਬਿਨਾਂ ਦੇਰੀ ਕੀਤੇ 104 ਹੈਲਪਲਾਈਨ ‘ਤੇ ਸੰਪਰਕ ਕੀਤਾ ਜਾਵੇ। ਸਰਕਾਰ ਨੇ ਹਰ ਸੰਭਵ ਐਮਰਜੈਂਸੀ ਮਾਮਲੇ ਵਿੱਚ ਤੁਰੰਤ ਕਾਰਵਾਈ ਲਈ ਖਾਸ ਪ੍ਰਬੰਧ ਕੀਤੇ ਹਨ।
ਮਰੇ ਹੋਏ ਪਸ਼ੂਆਂ ਨੂੰ ਦਫ਼ਨਾਉਣ ਦਾ ਕੰਮ ਜਾਰੀ
ਹੜ੍ਹ ਕਾਰਨ ਮਰੇ ਪਸ਼ੂਆਂ ਨੂੰ ਦਫ਼ਨਾਉਣ ਲਈ ਵੀ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ, ਤਾਂ ਜੋ ਬਿਮਾਰੀਆਂ ਦਾ ਖ਼ਤਰਾ ਘੱਟਿਆ ਜਾ ਸਕੇ ਅਤੇ ਸਫ਼ਾਈ ਬਣਾਈ ਰੱਖੀ ਜਾ ਸਕੇ।
ਪੰਜ ਵਿਭਾਗਾਂ ਦੀਆਂ ਟੀਮਾਂ ਮੈਦਾਨ ਵਿੱਚ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੰਜ ਵਿਭਾਗਾਂ ਦੀਆਂ ਖਾਸ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿੱਚ ਜੰਗੀ ਪੱਧਰ ‘ਤੇ ਕੰਮ ਕਰ ਰਹੀਆਂ ਹਨ। ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਦੀ ਸਿਹਤ ਦੀ ਪੂਰੀ ਸੁਰੱਖਿਆ ਕੀਤੀ ਜਾਵੇ ਅਤੇ ਹੜ੍ਹਾਂ ਦੇ ਬਾਅਦ ਪੈਦਾ ਹੋਈਆਂ ਮੁਸ਼ਕਲਾਂ ਨਾਲ ਜਲਦੀ ਨਜਿੱਠਿਆ ਜਾਵੇ।