ਖੰਨਾ :- ਪੰਜਾਬ ਵਿੱਚ ਕਿਸਾਨਾਂ ਲਈ ਸਬਸਿਡੀ ‘ਤੇ ਉਪਲਬਧ ਕਰਵਾਏ ਜਾਣ ਵਾਲੇ ਯੂਰੀਆ ਦੀ ਕਥਿਤ ਗ਼ਲਤ ਵਰਤੋਂ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਐੱਫਆਈਆਰ ਦਰਜ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਖੰਨਾ ਦੇ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਵਿੱਚ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸਮੇਤ ਕਈ ਅਧਿਕਾਰੀਆਂ ਅਤੇ ਯੂਰੀਆ ਸਪਲਾਈ ਨਾਲ ਜੁੜੀਆਂ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਹੁਣ ਪੰਜਾਬ ਤੋਂ ਬਾਹਰ ਹੋਰ ਰਾਜਾਂ ਤੱਕ ਵੀ ਵਧਾ ਦਿੱਤੀ ਗਈ ਹੈ।
ਖੇਤੀਬਾੜੀ ਅਧਿਕਾਰੀ ਦੀ ਸ਼ਿਕਾਇਤ ‘ਤੇ ਦਰਜ ਹੋਇਆ ਮਾਮਲਾ
ਇਹ ਕੇਸ ਖੰਨਾ ਦੇ ਸਿਟੀ ਥਾਣਾ-2 ਵਿੱਚ ਖੇਤੀਬਾੜੀ ਵਿਕਾਸ ਅਧਿਕਾਰੀ ਗੁਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸੁਰਜੀਤ ਸਿੰਘ ਭਦੌੜ ਤੋਂ ਇਲਾਵਾ ਹੋਰ ਜ਼ਿੰਮੇਵਾਰ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਨਾਲ ਹੀ ਗਿੱਦੜਬਾਹਾ ਦੀ ਇੱਕ ਕੰਪਨੀ ਅਤੇ ਨਵੀਂ ਦਿੱਲੀ ਦੀ ਮੈਸਰਜ਼ ਮਨੀਸ਼ਾ ਟ੍ਰੇਡਿੰਗ ਕੰਪਨੀ ਨਾਲ ਜੁੜੇ ਵਿਅਕਤੀਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।
ਨੀਮ-ਕੋਟੇਡ ਯੂਰੀਆ ਦੀ ਕਥਿਤ ਤੌਰ ‘ਤੇ ਕੀਤੀ ਗਈ ਉਦਯੋਗਿਕ ਵਰਤੋਂ
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਦਯੋਗਿਕ ਕੰਮਾਂ ਲਈ ਵਰਤੇ ਜਾਣ ਵਾਲੇ ਤਕਨੀਕੀ-ਗ੍ਰੇਡ ਯੂਰੀਆ ਦੀ ਥਾਂ ਕਿਸਾਨਾਂ ਨੂੰ ਸਬਸਿਡੀ ‘ਤੇ ਮਿਲਣ ਵਾਲੇ ਨੀਮ-ਕੋਟੇਡ ਯੂਰੀਆ ਦੀ ਵਰਤੋਂ ਕੀਤੀ ਗਈ। ਦੋਸ਼ ਹੈ ਕਿ ਇਸ ਤਰੀਕੇ ਨਾਲ ਸਬਸਿਡੀ ਵਾਲੇ ਯੂਰੀਆ ਨੂੰ ਉਦਯੋਗਿਕ ਵਰਤੋਂ ਵੱਲ ਮੋੜ ਕੇ ਸਰਕਾਰੀ ਸਹਾਇਤਾ ਦਾ ਨਾਜਾਇਜ਼ ਲਾਭ ਲੈਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਆਰਥਿਕ ਨੁਕਸਾਨ ਪਹੁੰਚਣ ਦੀ ਸੰਭਾਵਨਾ ਬਣੀ।
ਛਾਪੇ ਦੌਰਾਨ ਮਿਲੇ ਸਨ ਅਹਿਮ ਸਬੂਤ
ਖੇਤੀਬਾੜੀ ਵਿਭਾਗ ਦੀ ਟੀਮ ਨੇ ਪਹਿਲਾਂ ਖੰਨਾ ਕੈਟਲ ਫੀਡ ਪਲਾਂਟ ਵਿੱਚ ਛਾਪਾ ਮਾਰ ਕੇ ਯੂਰੀਆ ਦੇ ਸੈਂਪਲ ਇਕੱਠੇ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਤਕਨੀਕੀ-ਗ੍ਰੇਡ ਯੂਰੀਆ ਵਾਲੇ ਬੈਗਾਂ ਵਿੱਚ ਅਸਲ ਵਿੱਚ ਖੇਤੀਬਾੜੀ ਲਈ ਨਿਰਧਾਰਤ ਨੀਮ-ਕੋਟੇਡ ਯੂਰੀਆ ਭਰਿਆ ਹੋਇਆ ਸੀ। ਇਸ ਤੋਂ ਬਾਅਦ ਮਾਮਲੇ ਦੀ ਵਿਸਥਾਰ ਨਾਲ ਜਾਂਚ ਸ਼ੁਰੂ ਕੀਤੀ ਗਈ।
ਵਿਭਾਗੀ ਕਾਰਵਾਈ ਵੀ ਪਹਿਲਾਂ ਹੀ ਹੋ ਚੁੱਕੀ ਹੈ ਸ਼ੁਰੂ
ਇਸ ਮਾਮਲੇ ਵਿੱਚ ਪੰਜਾਬ ਸਰਕਾਰ ਪਹਿਲਾਂ ਹੀ ਕਈ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਚੁੱਕੀ ਹੈ। ਸੱਤ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ, ਜਦਕਿ ਇੱਕ ਅਧਿਕਾਰੀ ਦਾ ਤਬਾਦਲਾ ਵੀ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਨੇ ਮਾਰਕਫੈੱਡ ਅਤੇ ਮਿਲਕਫੈੱਡ ਨੂੰ ਖਰੀਦ ਅਤੇ ਸਪਲਾਈ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਵੀ ਨਿਰਦੇਸ਼ ਜਾਰੀ ਕੀਤੇ ਸਨ।
ਹੋਰ ਨਾਮ ਵੀ ਜਾਂਚ ਦੌਰਾਨ ਹੋ ਸਕਦੇ ਹਨ ਸ਼ਾਮਲ
ਮਿਲਕਫੈੱਡ ਵੱਲੋਂ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ, ਮੈਨੇਜਰ, ਕੁਆਲਿਟੀ ਇੰਚਾਰਜ, ਡਿਪਟੀ ਮੈਨੇਜਰ (ਖਰੀਦ ਅਤੇ ਸਟੋਰ) ਅਤੇ ਖਰੀਦ ਸ਼ਾਖਾ ਨਾਲ ਜੁੜੇ ਹੋਰ ਕਰਮਚਾਰੀਆਂ ਨੂੰ ਵੀ ਵੱਡੇ ਜੁਰਮਾਨੇ ਵਾਲੀਆਂ ਚਾਰਜਸ਼ੀਟਾਂ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਸਾਹਮਣੇ ਆਉਣ ਵਾਲੇ ਸਬੂਤਾਂ ਦੇ ਆਧਾਰ ‘ਤੇ ਹੋਰ ਵਿਅਕਤੀਆਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਸਕਦਾ ਹੈ।

