ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਅਪਣਾਈ ਗਈ ਸਖ਼ਤ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਖ਼ਿਲਾਫ਼ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ।
ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ ‘ਤੇ ਹੋਈ ਸੀ ਸ਼ਿਕਾਇਤ
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਲਾਈਨ ਪੋਰਟਲ ‘ਤੇ ਦਰਜ ਹੋਈ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਇਹ ਸ਼ਿਕਾਇਤ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਇੱਕ ਵਸਨੀਕ ਵੱਲੋਂ ਦਿੱਤੀ ਗਈ ਸੀ।
ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਬਦਲੇ ਮੰਗੀ ਗਈ ਰਕਮ
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਅਦਾਲਤ ਵੱਲੋਂ ਉਸ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਲਈ ਮਾਲ ਵਿਭਾਗ ਨੂੰ ਹੁਕਮ ਜਾਰੀ ਕੀਤੇ ਗਏ ਸਨ। ਇਸ ਮਾਮਲੇ ਵਿੱਚ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਨੇ ਕਬਜ਼ਾ ਦਿਵਾਉਣ ਦੇ ਬਦਲੇ 80 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।
ਵਿਜੀਲੈਂਸ ਵੱਲੋਂ ਜਾਂਚ ਮਗਰੋਂ ਕੀਤੀ ਕਾਰਵਾਈ
ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦੋਸ਼ਾਂ ਨੂੰ ਗੰਭੀਰ ਮੰਨਦਿਆਂ ਕਾਨੂੰਗੋ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਬਿਊਰੋ ਵੱਲੋਂ ਹੁਣ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

