ਫਾਜ਼ਿਲਕਾ :- ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਇਲਾਕੇ ਅਧੀਨ ਪੈਂਦੇ ਪਿੰਡ ਬਾਰੇਕੇ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਾਪਰੇ ਦੁਖਦਾਈ ਹਾਦਸੇ ਨੇ ਸੰਗਤਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ। ਗੁਰਦੁਆਰਾ ਸਾਹਿਬ ਅੰਦਰ ਅਚਾਨਕ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸੰਗਤ ਮੌਕੇ ‘ਤੇ ਇਕੱਠੀ ਹੋ ਗਈ।
ਗ੍ਰੰਥੀ ਸਿੰਘ ਯਾਤਰਾ ‘ਤੇ ਹੋਣ ਕਾਰਨ ਹੋਰ ਵਿਅਕਤੀ ਕਰ ਰਿਹਾ ਸੀ ਸੇਵਾ
ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਇਨ੍ਹਾਂ ਦਿਨਾਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਹੋਏ ਸਨ। ਉਨ੍ਹਾਂ ਦੀ ਗੈਰਹਾਜ਼ਰੀ ਦੌਰਾਨ ਗੁਰਦੁਆਰਾ ਸਾਹਿਬ ਦੀ ਦੇਖਭਾਲ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੇ ਸੇਵਾਮੁਕਤ ਅਧਿਕਾਰੀ ਪੰਜਾਬ ਸਿੰਘ ਨਿਭਾ ਰਹੇ ਸਨ। ਇਸੇ ਦੌਰਾਨ ਇਹ ਮੰਦਭਾਗੀ ਘਟਨਾ ਵਾਪਰ ਗਈ।
ਜਾਂਚ ਲਈ ਪੁਲਿਸ ਨੇ ਸੰਭਾਲਿਆ ਮੋਰਚਾ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰ ਲਈ ਗਈ ਹੈ, ਜਿਸ ਦੇ ਆਧਾਰ ‘ਤੇ ਅੱਗ ਲੱਗਣ ਦੇ ਕਾਰਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਸੰਗਤਾਂ ਨੇ ਪ੍ਰਗਟਾਇਆ ਦੁੱਖ
ਇਸ ਦੁਖਦਾਈ ਘਟਨਾ ਤੋਂ ਬਾਅਦ ਇਲਾਕੇ ਵਿੱਚ ਗਮਗੀਨ ਮਾਹੌਲ ਬਣਿਆ ਹੋਇਆ ਹੈ। ਸਥਾਨਕ ਸੰਗਤਾਂ ਨੇ ਇਸ ਨੂੰ ਬਹੁਤ ਹੀ ਮੰਦਭਾਗਾ ਹਾਦਸਾ ਕਰਾਰ ਦਿੰਦਿਆਂ ਜਲਦ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਜਾਰੀ ਹੈ।

