ਬਟਾਲਾ :- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿੱਚ ਅੱਜ ਸਵੇਰੇ ਤੜਕਸਾਰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਘਰ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ।
ਸਵੇਰੇ ਸੈਰ ਦੌਰਾਨ ਹੋਈ ਅਚਾਨਕ ਫਾਇਰਿੰਗ
ਜਾਣਕਾਰੀ ਅਨੁਸਾਰ, ਜਦੋਂ ਅਕਾਲੀ ਆਗੂ ਜਸਵੀਰ ਸਿੰਘ ਗਿੱਲ ਆਪਣੇ ਘਰ ਦੇ ਵਿਹੜੇ ਵਿੱਚ ਸੈਰ ਕਰ ਰਹੇ ਸਨ, ਉਸੇ ਸਮੇਂ ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਘਰ ਦੇ ਗੇਟ ਦੇ ਸਾਹਮਣੇ ਰੁਕ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਚੱਲਦਿਆਂ ਹੀ ਘਰ ਵਿੱਚ ਹੜਕੰਪ ਮਚ ਗਿਆ ਅਤੇ ਆਗੂ ਨੇ ਤੁਰੰਤ ਘਰ ਅੰਦਰ ਜਾ ਕੇ ਆਪਣੀ ਜਾਨ ਬਚਾਈ।
ਜਵਾਬੀ ਫਾਇਰਿੰਗ ਵੀ ਕੀਤੀ ਗਈ
ਘਟਨਾ ਦੌਰਾਨ ਸਾਬਕਾ ਸਰਪੰਚ ਵੱਲੋਂ ਵੀ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਹਮਲਾਵਰ ਮੌਕੇ ਤੋਂ ਫਾਇਰਿੰਗ ਕਰਦੇ ਹੋਏ ਫਰਾਰ ਹੋਣ ਵਿੱਚ ਕਾਮਯਾਬ ਰਹੇ।
ਪੁਰਾਣੀਆਂ ਧਮਕੀਆਂ ਅਤੇ ਪਹਿਲਾਂ ਹੋਏ ਹਮਲੇ ਦਾ ਦਾਅਵਾ
ਸਾਬਕਾ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕਰੀਬ ਇੱਕ ਸਾਲ ਪਹਿਲਾਂ ਉਨ੍ਹਾਂ ਦੇ ਫਾਰਮ ਹਾਊਸ ‘ਤੇ ਵੀ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਹ ਪਹਿਲਾਂ ਤੋਂ ਹੀ ਸੁਰੱਖਿਆ ਸੰਬੰਧੀ ਚਿੰਤਾ ਵਿੱਚ ਸਨ।
ਪੁਲਿਸ ਵੱਲੋਂ ਜਾਂਚ ਸ਼ੁਰੂ, ਸੀਸੀਟੀਵੀ ਖੰਗਾਲੇ ਜਾ ਰਹੇ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਸਵੀਰ ਸਿੰਘ ਗਿੱਲ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਜਤਾਇਆ ਹੈ ਕਿ ਹਮਲਾਵਰਾਂ ਦੀ ਪਛਾਣ ਜਲਦ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

