ਚੰਡੀਗੜ੍ਹ :- ਪੰਜਾਬ ਇਸ ਵੇਲੇ ਭਿਆਨਕ ਹੜ੍ਹਾਂ ਦੀ ਚਪੇਟ ਵਿੱਚ ਹੈ, ਜਿਸ ਕਾਰਨ ਹੁਣ ਤੱਕ 23 ਕੀਮਤੀ ਜਾਨਾਂ ਜਾ ਚੁੱਕੀਆਂ ਹਨ। 1,018 ਪਿੰਡ ਪਾਣੀ ਹੇਠ ਆ ਗਏ ਹਨ ਅਤੇ 3 ਲੱਖ ਏਕੜ ਤੋਂ ਵੱਧ ਖੇਤੀਯੋਗ ਜ਼ਮੀਨ ਬਰਬਾਦ ਹੋ ਚੁੱਕੀ ਹੈ। ਹਜ਼ਾਰਾਂ ਲੋਕ ਭੋਜਨ, ਸਾਫ਼ ਪੀਣ ਵਾਲੇ ਪਾਣੀ, ਦਵਾਈਆਂ ਅਤੇ ਆਸਰੇ ਤੋਂ ਵਾਂਝੇ ਹਨ।
ਇਹ ਸਿਰਫ਼ ਕੁਦਰਤੀ ਆਫ਼ਤ ਨਹੀਂ, ਸਗੋਂ ਮਨੁੱਖੀ ਸੰਕਟ ਹੈ
ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਰਨਾਲਾ, ਗੁਰਦਾਸਪੁਰ ਅਤੇ ਸੁਲਤਾਨਪੁਰ ਲੋਧੀ ਸਮੇਤ ਕਈ ਜ਼ਿਲ੍ਹਿਆਂ ਦੇ ਕਿਸਾਨ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਹੜ੍ਹ ਕਾਰਨ ਆਪਣੀਆਂ ਖੜ੍ਹੀਆਂ ਫ਼ਸਲਾਂ ਨੂੰ ਤਬਾਹ ਹੁੰਦਾ ਦੇਖ ਰਹੇ ਹਨ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਸੰਕਟ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਕੁਦਰਤੀ ਆਫ਼ਤ ਨਹੀਂ, ਸਗੋਂ ਮਨੁੱਖੀ ਸੰਕਟ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦਾ ਦੌਰਾ ਕਰਨ ਅਤੇ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲ ਸਕੇ ਅਤੇ ਪੇਂਡੂ ਆਰਥਿਕਤਾ ਨੂੰ ਮੁੜ ਪਟੜੀ ‘ਤੇ ਲਿਆਂਦਾ ਜਾ ਸਕੇ।