ਚੰਡੀਗੜ੍ਹ :- ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾ ਰਿਹਾ ਹੈ। ਮੌਸਮ ਵਿਭਾਗ ਨੇ 5 ਅਤੇ 6 ਅਕਤੂਬਰ ਨੂੰ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ, ਜਦਕਿ 7 ਅਕਤੂਬਰ ਨੂੰ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਸਥਿਤੀ ਨੂੰ ਦੇਖਦਿਆਂ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਤੱਕ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਡੈਮਾਂ ਤੋਂ ਪਾਣੀ ਛੱਡਿਆ ਗਿਆ
ਰਣਜੀਤ ਸਾਗਰ ਡੈਮ, ਭਾਖੜਾ ਡੈਮ ਅਤੇ ਪੋਂਗ ਡੈਮ ਵਿੱਚ ਪਾਣੀ ਦੀ ਮਾਤਰਾ ਵੱਧਣ ਕਰਕੇ ਗੇਟ ਖੋਲ੍ਹ ਕੇ ਪਾਣੀ ਛੱਡਿਆ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਭਾਖੜਾ ਡੈਮ ਦੇ ਗੇਟ 2 ਫੁੱਟ ਖੋਲ੍ਹ ਕੇ ਲਗਭਗ 7,000 ਕਿਊਸਿਕ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਸਤਲੁਜ ਦਰਿਆ ਦਾ ਪਾਣੀ ਪੱਧਰ ਅੱਧਾ ਫੁੱਟ ਵਧ ਜਾਵੇਗਾ।
ਜਿਲ੍ਹਾ ਪ੍ਰਸ਼ਾਸਨ ਵੱਲੋਂ ਚੇਤਾਵਨੀ
ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਡੈਮਾਂ ਤੋਂ ਪਾਣੀ ਛੱਡਣ ਅਤੇ ਲਗਾਤਾਰ ਮੀਂਹ ਕਾਰਨ ਰਾਵੀ ਤੇ ਬਿਆਸ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਉਤਾਰ-ਚੜ੍ਹਾਅ ਆ ਸਕਦਾ ਹੈ। ਲੋਕਾਂ ਨੂੰ 10 ਅਕਤੂਬਰ ਤੱਕ ਦਰਿਆ ਪਾਰ ਕਰਨ ਦੀ ਕੋਸ਼ਿਸ਼ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸਦੇ ਨਾਲ ਹੀ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਨੂੰ ਦਰਿਆ ਦੇ ਕੰਢੇ ਜਾਂ ਅੰਦਰ ਨਹੀਂ ਲੈ ਜਾਣ ਲਈ ਕਿਹਾ ਗਿਆ ਹੈ।
ਹੜ੍ਹ ਦੇ ਖ਼ਤਰੇ ਵਾਲੇ ਜ਼ਿਲ੍ਹੇ
ਸ਼ਨੀਵਾਰ ਸਵੇਰੇ ਰਣਜੀਤ ਸਾਗਰ ਡੈਮ ਤੋਂ 35,000 ਕਿਊਸਿਕ ਪਾਣੀ ਛੱਡਿਆ ਗਿਆ, ਜੋ ਸਿੱਧਾ ਰਾਵੀ ਦਰਿਆ ਵਿੱਚ ਵਗਦਾ ਹੈ। ਇਸ ਕਾਰਨ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ।
ਭਾਖੜਾ ਡੈਮ ਤੋਂ ਛੱਡਿਆ ਗਿਆ 7,000 ਕਿਊਸਿਕ ਪਾਣੀ ਸਤਲੁਜ ਦਰਿਆ ਦਾ ਪੱਧਰ ਵਧਾ ਰਿਹਾ ਹੈ, ਜਿਸ ਨਾਲ ਫਾਜ਼ਿਲਕਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨਤਾਰਨ, ਮੋਗਾ, ਲੁਧਿਆਣਾ, ਰੋਪੜ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਵੀ ਪ੍ਰਭਾਵਿਤ ਹੋ ਸਕਦੇ ਹਨ।
ਅਧਿਕਾਰੀਆਂ ਦੀ ਅਪੀਲ
ਪ੍ਰਸ਼ਾਸਨ ਨੇ ਲੋਕਾਂ ਨੂੰ ਚੇਤਾਇਆ ਹੈ ਕਿ ਉਹ ਹੜ੍ਹ-ਪ੍ਰਭਾਵਿਤ ਖੇਤਰਾਂ ਵਿੱਚ ਸਾਵਧਾਨ ਰਹਿਣ, ਦਰਿਆਵਾਂ ਦੇ ਨੇੜੇ ਨਾ ਜਾਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕਰਨ।