ਚੰਡੀਗੜ੍ਹ :- ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਸਵੇਰੇ ਸੰਘਣੀ ਧੁੰਦ ਛਾਈ ਰਹੀ। ਘੱਟ ਦਿੱਖ ਕਾਰਨ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਹੌਲੀ ਰਹੀ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤਾਂ ਆਈਆਂ। ਕਈ ਥਾਵਾਂ ’ਤੇ ਸਵੇਰੇ ਸਮੇਂ ਦਿੱਖ ਕਾਫ਼ੀ ਘੱਟ ਦਰਜ ਕੀਤੀ ਗਈ।
ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜਨਵਰੀ ਤੱਕ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਫਿਲਹਾਲ ਸੀਤ ਲਹਿਰ ਦੀ ਸੰਭਾਵਨਾ ਨਹੀਂ ਹੈ ਅਤੇ ਮੌਸਮ ਜ਼ਿਆਦਾਤਰ ਖੁਸ਼ਕ ਰਹੇਗਾ, ਜਿਸ ਨਾਲ ਦਿਨ ਦੇ ਵੇਲੇ ਕੁਝ ਰਾਹਤ ਮਿਲ ਸਕਦੀ ਹੈ।
ਤਾਪਮਾਨ ਵਿੱਚ ਵਾਧਾ, ਨਵਾਂਸ਼ਹਿਰ ਸਭ ਤੋਂ ਠੰਢਾ
ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 3.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਨਵਾਂਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 0.9 ਡਿਗਰੀ ਸੈਲਸੀਅਸ ਰਿਹਾ, ਜੋ ਸੂਬੇ ਵਿੱਚ ਸਭ ਤੋਂ ਘੱਟ ਰਿਕਾਰਡ ਕੀਤਾ ਗਿਆ।
ਮੀਂਹ ਦੀ ਭਵਿੱਖਬਾਣੀ ਅਤੇ ਅਗਲਾ ਮੌਸਮੀ ਅਨੁਮਾਨ
ਮੌਸਮ ਵਿਭਾਗ ਮੁਤਾਬਕ 18 ਅਤੇ 19 ਜਨਵਰੀ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 23 ਅਤੇ 24 ਜਨਵਰੀ ਨੂੰ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 22 ਜਨਵਰੀ ਤੱਕ ਵੱਧ ਤੋਂ ਵੱਧ ਤਾਪਮਾਨ 20 ਤੋਂ 22 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਜਤਾਈ ਗਈ ਹੈ।

