ਚੰਡੀਗੜ੍ਹ :- ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਚਿਨ ਯਾਦਵ ਦੀ ਅਦਾਲਤ ਵੱਲੋਂ ਚਾਰ ਸਾਲ ਪੁਰਾਣੇ ਕੇਸ ‘ਚ ਪੰਜਾਬ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ, ਚੰਡੀਗੜ੍ਹ ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ।
ਇਹ ਮਾਮਲਾ 4 ਅਗਸਤ 2021 ਦਾ ਹੈ, ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਸ ਵੱਲੋਂ ਰੋਕਣ ਦੇ ਯਤਨ ਦੌਰਾਨ ਦੋਨੋਂ ਪਾਸਿਆਂ ਵਿਚ ਝੜਪ ਹੋ ਗਈ ਸੀ, ਜਿਸ ਵਿਚ ਕੁਝ ਪੁਲਸ ਮੁਲਾਜ਼ਮ ਜ਼ਖ਼ਮੀ ਹੋਏ ਸਨ।
ਮਾਮਲਾ ਦਰਜ ਹੋਇਆ ਸੀ ਸੈਕਟਰ-39 ਥਾਣੇ ਵਿਚ
ਘਟਨਾ ਤੋਂ ਬਾਅਦ ਪੁਲਸ ਨੇ ਆਈ.ਪੀ.ਸੀ. ਦੀਆਂ ਧਾਰਾਵਾਂ 188, 323, 332 ਅਤੇ 353 ਹੇਠ ਮਾਮਲਾ ਦਰਜ ਕੀਤਾ ਸੀ। ਇਨ੍ਹਾਂ ਧਾਰਾਵਾਂ ਤਹਿਤ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਅਤੇ ਸਰਕਾਰੀ ਅਧਿਕਾਰੀਆਂ ‘ਤੇ ਹਮਲਾ ਕਰਨ ਦੇ ਦੋਸ਼ ਲਗੇ ਸਨ।
ਸਬੂਤਾਂ ਦੀ ਘਾਟ ਕਾਰਨ ਬਰੀ
ਲਗਭਗ ਚਾਰ ਸਾਲ ਤੱਕ ਚੱਲੀ ਅਦਾਲਤੀ ਕਾਰਵਾਈ ਤੋਂ ਬਾਅਦ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਇਸਤਗਾਸਾ ਪੱਖ ਦੋਸ਼ ਸਾਬਤ ਕਰਨ ਵਿਚ ਅਸਫ਼ਲ ਰਿਹਾ। ਸਬੂਤਾਂ ਦੀ ਘਾਟ ਕਾਰਨ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ।
ਆਪ ਆਗੂਆਂ ਨੇ ਫ਼ੈਸਲੇ ਦਾ ਸਵਾਗਤ ਕੀਤਾ
ਅਦਾਲਤ ਦਾ ਫ਼ੈਸਲਾ ਆਉਣ ਤੋਂ ਬਾਅਦ ਆਪ ਆਗੂਆਂ ਨੇ ਇਸਨੂੰ ਸੱਚ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ‘ਤੇ ਰਾਜਨੀਤਿਕ ਦਬਾਅ ਹੇਠ ਕੇਸ ਦਰਜ ਕੀਤਾ ਗਿਆ ਸੀ।

