ਅੰਮ੍ਰਿਤਸਰ :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਨਾਲ ਜੁੜੇ ਵਿਵਾਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਦਾ ਘੇਰਾ ਵਧਾ ਦਿੱਤਾ ਹੈ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮਾਮਲੇ ਦੀ ਪੂਰੀ ਤਹਿ ਤੱਕ ਜਾਣ ਲਈ 4 ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਜੋ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ ’ਤੇ ਸਥਿਤੀ ਸਪੱਸ਼ਟ ਕੀਤੀ ਜਾਵੇਗੀ ਅਤੇ ਕਿਸੇ ਵੀ ਪੱਧਰ ’ਤੇ ਢਿੱਲ ਨਹੀਂ ਵਰਤੀ ਜਾਵੇਗੀ।
ਮੁੱਢਲੀ ਜਾਂਚ ਤੋਂ ਬਾਅਦ ਬਣਾਈ ਕਮੇਟੀ
ਧਾਮੀ ਮੁਤਾਬਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੀ ਐਸਜੀਪੀਸੀ ਪੱਧਰ ’ਤੇ ਵਿਭਾਗੀ ਜਾਂਚ ਸ਼ੁਰੂ ਕਰਵਾ ਦਿੱਤੀ ਗਈ ਸੀ। ਇਸ ਦੀ ਮੁੱਢਲੀ ਜਾਂਚ ਦੀ ਜ਼ਿੰਮੇਵਾਰੀ ਐਸਜੀਪੀਸੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਦਿੱਤੀ ਗਈ ਸੀ। ਹੁਣ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵੱਖਰੀ 4 ਮੈਂਬਰੀ ਕਮੇਟੀ ਬਣਾਈ ਗਈ ਹੈ।
ਇਨ੍ਹਾਂ ਨੂੰ ਜਾਂਚ ਕਮੇਟੀ ’ਚ ਕੀਤਾ ਸ਼ਾਮਲ
ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰੀ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨਾਲ ਤਾਲਮੇਲ ਦੀ ਜ਼ਿੰਮੇਵਾਰੀ ਬਲਵਿੰਦਰ ਸਿੰਘ ਕਾਹਲਵਾਂ ਨੂੰ ਸੌਂਪੀ ਗਈ ਹੈ। ਕਮੇਟੀ ਨੂੰ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।
ਆਪਣੇ ਖ਼ਿਲਾਫ਼ ਲੱਗ ਰਹੇ ਦੋਸ਼ਾਂ ’ਤੇ ਦਿੱਤਾ ਸਪੱਸ਼ਟੀਕਰਨ
ਐਸਜੀਪੀਸੀ ਪ੍ਰਧਾਨ ਨੇ ਆਪਣੇ ਬਾਰੇ ਸੋਸ਼ਲ ਮੀਡੀਆ ’ਤੇ ਚੱਲ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਕਿ ਸਬੰਧਤ ਮਹਿਲਾ ਨੂੰ ਉੱਥੇ ਕੌਣ ਲੈ ਕੇ ਆਇਆ ਸੀ ਜਾਂ ਉਹ ਉੱਥੇ ਕਿਸ ਤਰੀਕੇ ਨਾਲ ਪਹੁੰਚੀ। ਉਨ੍ਹਾਂ ਇਸ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਬੇਬੁਨਿਆਦ ਦੱਸਿਆ।
ਮਹਿਲਾ ਵੱਲੋਂ ਮੁਲਾਕਾਤ ਤੇ ਸ਼ਿਕਾਇਤ ਦੇ ਦਾਅਵੇ ਨੂੰ ਵੀ ਨਕਾਰਿਆ
ਧਾਮੀ ਨੇ ਉਸ ਦਾਅਵੇ ਨੂੰ ਵੀ ਰੱਦ ਕੀਤਾ ਜਿਸ ਮੁਤਾਬਕ ਸਬੰਧਤ ਮਹਿਲਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਕਿਸੇ ਘਟਨਾ ਜਾਂ ਜ਼ਬਰਦਸਤੀ ਸਬੰਧੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹੀ ਕੋਈ ਗੱਲ ਲਿਆਂਦੀ ਗਈ ਹੁੰਦੀ ਤਾਂ ਉਹ ਇਸ ’ਤੇ ਕਾਰਵਾਈ ਕਰਦੇ। ਉਨ੍ਹਾਂ ਕਿਹਾ ਕਿ ਉਹ ਸੰਗਤ ਪ੍ਰਤੀ ਜਵਾਬਦੇਹ ਹਨ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮਗਰੋਂ ਹੋਈ ਕਾਰਵਾਈ
ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕੇ ਜਾਣ ਤੋਂ ਬਾਅਦ ਵਧੀਕ ਮੁੱਖ ਗ੍ਰੰਥੀ ਦੇ ਅਹੁਦੇ ਅਤੇ ਸੇਵਾਵਾਂ ਤੋਂ ਤੁਰੰਤ ਪ੍ਰਭਾਵ ਨਾਲ ਮੁਕਤ ਕਰ ਦਿੱਤਾ ਗਿਆ। ਇਸੇ ਤਰ੍ਹਾਂ ਅਮਰਜੀਤ ਸਿੰਘ ਚਾਵਲਾ ਵੱਲੋਂ ਵੀਡੀਓ ਸੰਦੇਸ਼ ਰਾਹੀਂ ਭੇਜਿਆ ਗਿਆ ਅਸਤੀਫ਼ਾ ਵੀ ਮਨਜ਼ੂਰ ਕਰ ਲਿਆ ਗਿਆ ਹੈ।
ਮੀਡੀਆ ਨੂੰ ਤੱਥਾਂ ਦੇ ਆਧਾਰ ’ਤੇ ਜਾਣਕਾਰੀ ਦੇਣ ਦੀ ਅਪੀਲ
ਐਸਜੀਪੀਸੀ ਪ੍ਰਧਾਨ ਨੇ ਸੋਸ਼ਲ ਮੀਡੀਆ ਵਰਤੋਂਕਾਰਾਂ ਅਤੇ ਮੀਡੀਆ ਸੰਸਥਾਵਾਂ ਨੂੰ ਧਾਰਮਿਕ ਮਾਮਲਿਆਂ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਕੋਈ ਜਾਣਕਾਰੀ ਅੱਗੇ ਨਹੀਂ ਵਧਾਈ ਜਾਣੀ ਚਾਹੀਦੀ। ਉਨ੍ਹਾਂ ਧਾਰਮਿਕ ਅਹੁਦਿਆਂ ’ਤੇ ਸੇਵਾ ਨਿਭਾਅ ਰਹੇ ਵਿਅਕਤੀਆਂ ਅਤੇ ਪ੍ਰਚਾਰਕਾਂ ਨੂੰ ਵੀ ਮਰਿਆਦਾ ਕਾਇਮ ਰੱਖਣ ਲਈ ਕਿਹਾ।
ਨਿਰਪੱਖ ਕਾਨੂੰਨੀ ਜਾਂਚ ਦੀ ਮੰਗ
ਧਾਮੀ ਨੇ ਪੁਲਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਕਾਨੂੰਨੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਇਸ ਤਰੀਕੇ ਨਾਲ ਹੋਣੀ ਚਾਹੀਦੀ ਹੈ ਕਿ ਸੱਚ ਸਾਹਮਣੇ ਆਵੇ, ਕਿਸੇ ਬੇਗੁਨਾਹ ਨਾਲ ਬੇਇਨਸਾਫ਼ੀ ਨਾ ਹੋਵੇ ਅਤੇ ਜੇਕਰ ਕੋਈ ਮਰਿਆਦਾ ਭੰਗ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ 15 ਦਿਨਾਂ ਬਾਅਦ ਜਾਂਚ ਕਮੇਟੀ ਦੀ ਰਿਪੋਰਟ ਮਿਲਣ ’ਤੇ ਪੂਰੇ ਮਾਮਲੇ ਬਾਰੇ ਜਾਣਕਾਰੀ ਜਨਤਕ ਕੀਤੀ ਜਾਵੇਗੀ।

