ਫਿਰੋਜ਼ਪੁਰ :- ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਵਿੱਚ ਨਸ਼ੇ ਦੇ ਸੈਲਾਬ ਨੇ ਦੋ ਦਿਨਾਂ ਵਿੱਚ ਚਾਰ ਨੌਜਵਾਨਾਂ ਦੀ ਜ਼ਿੰਦਗੀ ਖੋਹ ਲਈ, ਜਿਸ ਨਾਲ ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ। ਮਾਮਲੇ ਦੀ ਗੰਭੀਰਤਾ ਅਤੇ ਲਾਪਰਵਾਹੀ ਦੇ ਮੱਦੇਨਜ਼ਰ ਥਾਣਾ ਲੱਖੋ ਕੇ ਬਹਿਰਾਮ ਦੇ SHO ਬਲਰਾਜ ਸਿੰਘ ਅਤੇ ASI ਬਲਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਡਿਊਟੀ ਤੋਂ ਹਟਾ ਕੇ ਸਸਪੈਂਡ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
ਚਾਰ ਨੌਜਵਾਨਾਂ ਦੀ ਮੌਤ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਅਤੇ ਪੁਲਿਸ ਨੇ ਨਸ਼ੇ ਵਿਰੁੱਧ ਵਿਆਪਕ ਮੁਹਿੰਮ ਛੇੜ ਦਿੱਤੀ ਹੈ। ਟੀਮਾਂ ਵੱਲੋਂ ਪਿੰਡ ਅਤੇ ਆਸਪਾਸ ਦੇ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ, ਸ਼ਰਬਤ ਤੇ ਹੋਰ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਕਰੀਬ 10 ਲੱਖ ਰੁਪਏ ਮੁੱਲ ਦਾ ਗੈਰਕਾਨੂੰਨੀ ਨਸ਼ੀਲਾ ਸਮਾਨ ਕਬਜ਼ੇ ਵਿੱਚ ਲਿਆ ਜਾ ਚੁੱਕਾ ਹੈ।
ਪਿੰਡ ਵਾਸੀਆਂ ਵਿੱਚ ਦਹਿਸ਼ਤ, ਸਖ਼ਤ ਕਾਰਵਾਈ ਦੀ ਮੰਗ
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਨਸ਼ੇ ਨੇ ਉਨ੍ਹਾਂ ਦੇ ਘਰ ਉਜਾੜ ਦਿੱਤੇ ਹਨ ਅਤੇ ਪ੍ਰਸ਼ਾਸਨ ਨੂੰ ਹੋਰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਇਸ ਤਰ੍ਹਾਂ ਦੇ ਹਾਦਸੇ ਦੁਬਾਰਾ ਨਾ ਹੋਣ।
ਇਹ ਮਾਮਲਾ ਨਾ ਸਿਰਫ਼ ਨਸ਼ੇ ਦੇ ਵਧਦੇ ਖ਼ਤਰੇ ਨੂੰ ਬੇਨਕਾਬ ਕਰਦਾ ਹੈ, ਬਲਕਿ ਸਥਾਨਕ ਪ੍ਰਸ਼ਾਸਨ ਦੀ ਲਾਪਰਵਾਹੀ ‘ਤੇ ਵੀ ਸਵਾਲ ਖੜ੍ਹੇ ਕਰਦਾ ਹੈ।