ਫਤਿਹਗੜ੍ਹ ਸਾਹਿਬ :- ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਕਸਬੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ 19 ਸਾਲਾ ਨੌਜਵਾਨ ਦੀ ਉਸਦੇ ਹੀ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸਦੀ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਮਾਮੂਲੀ ਤਕਰਾਰ ਨੇ ਲੈ ਲਈ ਜਾਨ
ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਮਾਨਵਿੰਦਰ ਸਿੰਘ ਖਮਾਣੋਂ ਦੇ ਇੱਕ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਛੋਟੀ ਗੱਲ ਨੂੰ ਲੈ ਕੇ ਉਸਦੀ ਆਪਣੇ ਸਾਥੀਆਂ ਨਾਲ ਤਕਰਾਰ ਹੋ ਗਈ ਸੀ, ਜੋ ਕੁਝ ਹੀ ਸਮੇਂ ਵਿੱਚ ਹਿੰਸਕ ਰੂਪ ਧਾਰ ਗਈ। ਗੁੱਸੇ ਵਿੱਚ ਆ ਕੇ ਦੋਸਤਾਂ ਨੇ ਉਸ ‘ਤੇ ਕਿਰਚਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਮਲੇ ਮਗਰੋਂ ਮੁਲਜ਼ਮ ਫਰਾਰ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਇਕੱਠੇ ਹੋ ਗਏ।
ਚਾਚੇ ਨੇ ਸੁਣਾਇਆ ਅੱਖੀਂ ਵੇਖਿਆ ਹਾਲ
ਮ੍ਰਿਤਕ ਦੇ ਚਾਚਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਉਸ ਸਮੇਂ ਖੰਨਾ ਰੋਡ ਨੇੜੇ ਮੌਜੂਦ ਸਨ। ਅਚਾਨਕ ਰੌਲਾ ਸੁਣ ਕੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਉਸਦਾ ਭਤੀਜਾ ਲਹੂ-ਲੁਹਾਨ ਜ਼ਮੀਨ ‘ਤੇ ਡਿੱਗਾ ਪਿਆ ਸੀ ਅਤੇ ਉਸਦੇ ਦੋਸਤ ਕਿਰਚਾਂ ਨਾਲ ਹਮਲਾ ਕਰ ਚੁੱਕੇ ਸਨ। ਕੁਝ ਹੀ ਪਲਾਂ ਵਿੱਚ ਨੌਜਵਾਨ ਨੇ ਦਮ ਤੋੜ ਦਿੱਤਾ।
ਪਰਿਵਾਰ ਦੀ ਇਨਸਾਫ਼ ਲਈ ਗੁਹਾਰ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਉਧਰ, ਥਾਣਾ ਖਮਾਣੋਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਫਿਲਹਾਲ ਮੀਡੀਆ ਸਾਹਮਣੇ ਕੁਝ ਕਹਿਣ ਤੋਂ ਪਰਹੇਜ਼ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ ਅਤੇ ਕਤਲ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਦੱਸੀ ਜਾ ਰਹੀ ਹੈ।

