ਸੰਗਰੂਰ :- ਸੰਗਰੂਰ ਜ਼ਿਲ੍ਹੇ ਦੇ ਪਿੰਡ ਬਡਰੁੱਖਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ’ਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਨਾਲ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਅਣਪਛਾਤੇ ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਜੈ ਸਿੰਘ ’ਤੇ ਗੋਲੀ ਚਲਾ ਦਿੱਤੀ। ਇਹ ਘਟਨਾ ਰਾਤ ਕਰੀਬ 1:36 ਵਜੇ ਵਾਪਰੀ ਦੱਸੀ ਜਾ ਰਹੀ ਹੈ।
ਬਚਾਅ ਲਈ ਆਏ ਲਾਂਗਰੀ ਨੂੰ ਵੀ ਲੱਗੀ ਗੋਲੀ
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਜੈ ਸਿੰਘ ਨੂੰ ਨਿਸ਼ਾਨਾ ਬਣਾਇਆ। ਜਦੋਂ ਦੂਜਾ ਸੇਵਾਦਾਰ, ਜੋ ਲਾਂਗਰੀ ਵਜੋਂ ਸੇਵਾ ਕਰਦਾ ਸੀ, ਉਸ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਉਸ ’ਤੇ ਵੀ ਗੋਲੀ ਚਲਾ ਦਿੱਤੀ ਗਈ। ਘਟਨਾ ਮਗਰੋਂ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਕੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਗਈ।
ਪਿੰਡ ਵਾਸੀਆਂ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ
ਅਨਾਊਂਸਮੈਂਟ ਸੁਣਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਪਹੁੰਚ ਗਏ। ਉਨ੍ਹਾਂ ਨੇ ਜ਼ਖ਼ਮੀ ਜਸਵੰਤ ਸਿੰਘ ਨੂੰ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ।
ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਬਡਰੁੱਖਾਂ ਦੇ ਇੰਚਾਰਜ, ਥਾਣਾ ਲੋਂਗੋਵਾਲ ਦੇ ਐੱਸ.ਐੱਚ.ਓ. ਅਤੇ ਡੀ.ਐੱਸ.ਪੀ. ਸੁਨਾਮ ਮੌਕੇ ’ਤੇ ਪਹੁੰਚੇ। ਪੁਲਸ ਟੀਮ ਨੇ ਗੁਰਦੁਆਰਾ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕੇ ਦਾ ਜਾਇਜ਼ਾ ਲਿਆ ਅਤੇ ਘਟਨਾ ਨਾਲ ਜੁੜੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ।
ਸੀਸੀਟੀਵੀ ਫੁਟੇਜ ਰਾਹੀਂ ਹਮਲਾਵਰਾਂ ਦੀ ਪਛਾਣ ਦੀ ਕੋਸ਼ਿਸ਼
ਪੁਲਸ ਨੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਹਮਲਾਵਰਾਂ ਦੀ ਪਛਾਣ ਕਰਨ ਦੇ ਨਾਲ-ਨਾਲ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

