ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਕੁਝ ਦਿਨਾਂ ਦੌਰਾਨ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮੀ ਅਨੁਮਾਨਾਂ ਮੁਤਾਬਕ 13 ਮਾਰਚ ਤੱਕ ਸੂਬੇ ਵਿੱਚ ਮੀਂਹ ਪੈਣ ਦੇ ਕੋਈ ਸੰਕੇਤ ਨਹੀਂ ਮਿਲ ਰਹੇ। ਪਿਛਲੇ ਚੋਵੀ ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ ਥੋੜ੍ਹੀ ਕਮੀ ਦਰਜ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਇਹ ਮੌਸਮ ਦੇ ਆਮ ਪੱਧਰ ਨਾਲੋਂ ਕਾਫ਼ੀ ਉੱਚਾ ਬਣਿਆ ਹੋਇਆ ਹੈ।
ਫਰੀਦਕੋਟ ‘ਚ ਤਾਪਮਾਨ ਸਭ ਤੋਂ ਵੱਧ ਰਹਿਣ ਦੀ ਸੰਭਾਵਨਾ
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ ਕਰੀਬ 33 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਜਿਸ ਕਾਰਨ ਗਰਮੀ ਦੀ ਤੀਬਰਤਾ ਵਧਣ ਦੇ ਸੰਕੇਤ ਹਨ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ, ਜੋ ਮੌਸਮ ਵਿੱਚ ਵਧ ਰਹੀ ਗਰਮੀ ਦੀ ਪੇਸ਼ਗੀ ਕਰਦਾ ਹੈ।
ਚੰਡੀਗੜ੍ਹ ਅਤੇ ਵੱਡੇ ਸ਼ਹਿਰਾਂ ਵਿੱਚ ਵੀ ਗਰਮੀ ਦਾ ਅਸਰ
ਚੰਡੀਗੜ੍ਹ ਵਿੱਚ ਵੀ ਗਰਮੀ ਸਪਸ਼ਟ ਤੌਰ ‘ਤੇ ਮਹਿਸੂਸ ਕੀਤੀ ਗਈ, ਜਿੱਥੇ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਦਰਜ ਹੋਇਆ, ਜੋ ਆਮ ਨਾਲੋਂ ਕਾਫ਼ੀ ਵੱਧ ਹੈ। ਇਸੇ ਤਰ੍ਹਾਂ ਲੁਧਿਆਣਾ ਵਿੱਚ ਤਾਪਮਾਨ 32.6 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 31.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਿਸ ਨਾਲ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਮੀ ਦਾ ਪ੍ਰਭਾਵ ਵਧਦਾ ਨਜ਼ਰ ਆ ਰਿਹਾ ਹੈ।
ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ ਅਤੇ ਖੁਸ਼ਕ ਹਾਲਾਤ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਮੌਸਮ ਦੀ ਸਥਿਤੀ ਲਗਭਗ ਸਥਿਰ ਰਹਿਣ ਦੀ ਸੰਭਾਵਨਾ ਹੈ।

